Sunday, August 16, 2026
Home Punjab Malerkotla ਐਸ.ਆਈ.ਆਰ. ਕਾਰਜ ਵਿੱਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਸਮੀਖਿਆ ਮੀਟਿੰਗ

ਐਸ.ਆਈ.ਆਰ. ਕਾਰਜ ਵਿੱਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਸਮੀਖਿਆ ਮੀਟਿੰਗ

0
51

* ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਨੂੰ ਨਿਰਧਾਰਿਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੇ ਨਿਰਦੇਸ਼
* ਬੀ.ਐਲ.ਓਜ ਆਉਣ ਤੋਂ ਪਹਿਲਾਂ ਪਾਸਪੋਰਟ ਸਾਈਜ ਅਤੇ ਭਰਿਆ ਹੋਇਆ ਗਣਨਾ ਫਾਰਮ ਤਿਆਰ ਰੱਖਣ ਵੋਟਰ – ਡਿਪਟੀ ਕਮਿਸ਼ਨਰ
ਮਾਲੇਰਕੋਟਲਾ:
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਈ.ਆਰ.ਓਜ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਧਾਨ ਸਭਾ ਹਲਕੇ ਵਿੱਚ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਰੋਜ਼ਾਨਾ ਨਿਗਰਾਨੀ ਯਕੀਨੀ ਬਣਾਉਣ ਅਤੇ ਐਸ.ਆਈ.ਆਰ. ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰੇਕ ਯੋਗ ਵੋਟਰ ਤੱਕ ਪਹੁੰਚ ਕਰਕੇ ਗਿਣਤੀ ਫਾਰਮਾਂ ਦੀ ਵੰਡ ਅਤੇ ਭਰੇ ਹੋਏ ਫਾਰਮਾਂ ਦੀ ਸਮੇਂ ਸਿਰ ਪ੍ਰਾਪਤੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਘਰ-ਘਰ ਜਾ ਕੇ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਉਣ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਜਾਵੇ।
ਉਨ੍ਹਾਂ ਨਿਰਦੇਸ਼ ਦਿੱਤੇ ਕਿ ਉਹ ਸੁਪਰਵਾਈਜ਼ਰਾਂ ਰਾਹੀਂ ਬੀ.ਐਲ.ਓਜ਼ ਦੇ ਕੰਮ ਦੀ ਨਿਰੰਤਰ ਸਮੀਖਿਆ ਕਰਨ ਅਤੇ ਜਿੱਥੇ ਵੀ ਕਾਰਜ ਦੀ ਰਫ਼ਤਾਰ ਘੱਟ ਹੈ, ਉੱਥੇ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਰੋਜ਼ਾਨਾ ਪ੍ਰਗਤੀ ਦੀ ਨਿਗਰਾਨੀ ਕਰਕੇ ਨਿਰਧਾਰਿਤ ਟੀਚਿਆਂ ਦੀ ਸਮੇਂ ਸਿਰ ਪ੍ਰਾਪਤੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਐਸ.ਆਈ.ਆਰ. ਪ੍ਰਕਿਰਿਆ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਲਈ ਵੱਖ-ਵੱਖ ਧਾਰਮਿਕ ਅਦਾਰਿਆਂ ਤੋਂ ਜਨਤਕ ਐਲ਼ਾਨ ਕਰਵਾਇਆ ਜਾਵੇ ਕਿ ਉਹ ਇਸ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਣ, ਬੀ.ਐਲ.ਓਜ਼ ਨਾਲ ਸਹਿਯੋਗ ਕਰਨ ਅਤੇ ਆਪਣੀ ਪਾਸਪੋਰਟ ਸਾਈਜ ਫੋਟੋਆਂ ਅਤੇ ਭਰਿਆ ਹੋਇਆ ਗਣਨਾ ਫਾਰਮ ਤਿਆਰ ਰੱਖਣ ਅਤੇ ਜਦੋਂ ਵੀ ਬੀ.ਐਲ.ਓ ਫਾਰਮ ਲੈਣ ਆਉਂਦਾ ਹੈ ਤਾਂ ਉਹਨਾਂ ਨੂੰ ਭਰਿਆ ਹੋਇਆ ਗਣਨਾ ਫਾਰਮ ਜਮਾਂ ਕਰਵਾਇਆ ਜਾਵੇ ਤਾਂ ਜੋ ਇਹ ਪ੍ਰਕਿਰਿਆ ਸੁਚਾਰੂ ਅਤੇ ਸਮੇਂ ਸਿਰ ਮੁਕੰਮਲ ਕੀਤੀ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਐਸ.ਡੀ.ਐਮ ਅਹਿਮਦਗੜ੍ਹ/ਅਮਰਗੜ੍ਹ ਰਾਕੇਸ਼ ਕੁਮਾਰ ਸ਼ਰਮਾਂ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਆਈ.ਓ ਸ਼ਾਈਨ ਕਮਲ, ਚੋਣ ਤਹਿਸੀਲਦਾਰ ਬ੍ਰਿਜ ਮੋਹਨ, ਚੋਣ ਅਮਲੇ ਤੋਂ ਮਨਪ੍ਰੀਤ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

LEAVE A REPLY

Please enter your comment!
Please enter your name here