ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਘੁਟਾਲੇ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਨਾਇਬ-ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਵੱਲੋਂ ਸੁਪਰੀਮ ਕੋਰਟ ਤੋਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਣ ਪਿੱਛੋਂ ਅੱਜ ਬਿਊਰੋ ਅੱਗੇ ਆਤਮ-ਸਮਰਪਣ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਅਮਰੂਦਾਂ ਦੇ ਬਾਗਾਂ ਬਾਰੇ ਮੁਆਵਜ਼ਾ ਵੰਡ ਘੁਟਾਲੇ ਵਿੱਚ ਜਸਕਰਨ ਸਿੰਘ ਬਰਾੜ ਦੀ ਭੂਮਿਕਾ ਦਾ ਪਤਾ ਲੱਗਣ ਤੋਂ ਬਾਅਦ ਉਸਨੂੰ ਇਸ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਫ਼ਰਜ਼ੀ ਲਾਭਪਾਤਰੀਆਂ ਨੂੰ ਮੁਆਵਜ਼ਾ ਜਾਰੀ ਕਰਨ ਵਿੱਚ ਜਸਕਰਨ ਸਿੰਘ ਬਰਾੜ ਅਤੇ ਇਸ ਕੇਸ ਦੇ ਮੁੱਖ ਮੁਲਜ਼ਮ ਦੀ ਆਪਸੀ ਮਿਲੀਭੁਗਤ ਸੀ।

ਅਦਾਇਗੀਆਂ ਜਾਰੀ ਕਰਨ ਤੋਂ ਪਹਿਲਾਂ ਰਿਕਾਰਡ ‘ਤੇ ਇਹ ਸਾਹਮਣੇ ਆਇਆ ਕਿ ਕੁਝ ਜ਼ਮੀਨ ਮਾਲਕਾਂ ਦਾ ਨਾਮ ਅਤੇ ਹਿੱਸਾ ਮਾਲ ਰਿਕਾਰਡ ਨਾਲ ਮੇਲ ਨਹੀਂ ਖਾਂਦਾ ਸੀ ਅਤੇ ਕੁਝ ਨਾਮ ਬਿਨਾਂ ਕਿਸੇ ਆਧਾਰ ਤੋਂ ਗਲਤ ਤਰੀਕੇ ਨਾਲ ਲਾਭਪਾਤਰੀਆਂ ਦੀ ਸੂਚੀ ਵਿੱਚ ਸ਼ਾਮਲ ਕੀਤੇ ਗਏ ਸਨ ਕਿਉਂਕਿ ਉਨ੍ਹਾਂ ਨੇ ਭੂਮੀ ਗ੍ਰਹਿਣ ਕਾਨੂੰਨ ਦੀ ਧਾਰਾ 11 ਤਹਿਤ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਜ਼ਮੀਨ ਖਰੀਦੀ ਸੀ।

Leave a Reply

Your email address will not be published. Required fields are marked *