ਚੰਡੀਗੜ੍ਹ : ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ ਅਪਣਾਇਆ ਹੈ। ਪੰਜਾਬ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਜਾਰੀ ਹੈ। ਇਸ ਦੇ ਤਹਿਤ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੇ ਪੈਸੇ ਨਾਲ ਗੈਰ-ਕਾਨੂੰਨੀ ਢੰਗ ਨਾਲ ਬਣਾਈਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਵੀ ਨਸ਼ਾ ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਬੀਤੇ ਦਿਨ ਨਗਰ ਸੁਧਾਰ ਟਰੱਸਟ ਬਰਨਾਲਾ ਨੇ ਬਰਨਾਲਾ ਪੁਲਿਸ ਦੇ ਸਹਿਯੋਗ ਨਾਲ ਅੱਜ ਬੱਸ ਸਟੈਂਡ ਦੇ ਪਿੱਛੇ ਸਥਿਤ ਨਾਜਾਇਜ਼ ਤੌਰ ‘ਤੇ ਬਣਾਏ ਗਏ ਢਾਂਚੇ ਨੂੰ ਢਾਹ ਦਿੱਤਾ ਗਿਆ। ਇਹ ਮਕਾਨ ਗੈਰ-ਕਾਨੂੰਨੀ ਤਰੀਕੇ ਨਾਲ ਮਾਂ-ਧੀ ਦੀ ਜੋੜੀ ਨੇ ਬਣਾਇਆ ਸੀ, ਜਿਨ੍ਹਾਂ ਦੀ ਪਛਾਣ ਕਾਲੀ ਕੌਰ ਅਤੇ ਉਸ ਦੀ ਧੀ ਸਰਬੋ ਵਜੋਂ ਹੋਈ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਵੱਲੋਂ ਅੱਜ ਹੋਰ ਵਿਭਾਗਾਂ ਨਾਲ ਤਾਲਮੇਲ ਕਰਕੇ ਸੁਨਾਮ ਅਤੇ ਸ਼ਹੀਦ ਭਗਤ ਸਿੰਘ ਨਗਰ ’ਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਦਾ ਬੁਲਡੋਜ਼ਰ ਇਸ ਕਾਲੇ ਕਾਰੋਬਾਰ ਤੋਂ ਕਮਾਏ ਪੈਸੇ ਨਾਲ ਨਸ਼ਾ ਤਸਕਰਾਂ ਵੱਲੋਂ ਬਣਾਈਆਂ ਜਾਇਦਾਦਾਂ ‘ਤੇ ਚੱਲ ਸਕਦਾ ਹੈ। ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜਾਂ ਤਾਂ ਉਹ ਨਸ਼ਿਆਂ ਦਾ ਨਾਜਾਇਜ਼ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਦੇਣ।