ਪਟਿਆਲਾ ਅਤੇ ਜਲੰਧਰ ਜ਼ਿਲ੍ਹਿਆਂ ਸਮੇਤ ਪੰਜਾਬ ਭਰ ਦੇ ਪ੍ਰਮੁੱਖ ਸਿਹਤ ਸੰਸਥਾਵਾਂ ਵਿੱਚ ਅੱਜ ਓ.ਪੀ.ਡੀ ਸੇਵਾਵਾਂ ਠੱਪ ਰਹੀਆਂ। ਪੀ.ਸੀ.ਐਮ.ਐਸ.ਏ ਪੰਜਾਬ ਨੇ ਰੈਜ਼ੀਡੈਂਟ ਡਾਕਟਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓ.ਪੀ.ਡੀ ਸੇਵਾਵਾਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਰਾਜਿੰਦਰਾ ਹਸਪਤਾਲ, ਜ਼ਿਲ੍ਹਾ ਪੱਧਰੀ ਮਾਤਾ ਕੌਸ਼ੱਲਿਆ ਹਸਪਤਾਲ, ਆਮ ਆਦਮੀ ਕਲੀਨਿਕ, ਡਿਸਪੈਂਸਰੀ, ਕਮਿਊਨਿਟੀ ਹੈਲਥ ਸੈਂਟਰ, ਪ੍ਰਾਇਮਰੀ ਹੈਲਥ ਸੈਂਟਰ ਆਦਿ ਵਿੱਚ ਓ.ਪੀ.ਡੀ ਸੇਵਾਵਾਂ ਅੱਜ ਪੂਰੀ ਤਰ੍ਹਾਂ ਬੰਦ ਰਹੀਆਂ, ਜਿਸ ਕਾਰਨ ਆਮ ਮਰੀਜ਼ਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ 2 ਦਿਨ ਪਹਿਲਾਂ ਐਲਾਨ ਕੀਤਾ ਸੀ ਕਿ 16 ਅਗਸਤ ਨੂੰ ਓ.ਪੀ.ਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ ਅਤੇ ਆਮ ਆਦਮੀ ਕਲੀਨਿਕ ਸਮੇਤ ਸਾਰੇ ਸਿਹਤ ਕੇਂਦਰ ਬੰਦ ਰਹਿਣਗੇ। ਦੂਜੇ ਪਾਸੇ ਰੈਜ਼ੀਡੈਂਟ ਡਾਕਟਰਾਂ ਦੀ ਰਾਸ਼ਟਰੀ ਪੱਧਰ ਦੀ ਜਥੇਬੰਦੀ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਜਿਸ ਨੇ ਪਹਿਲਾਂ ਕੇਂਦਰੀ ਸਿਹਤ ਮੰਤਰੀ ਜੇ.ਪੀ ਨੱਡਾ ਨਾਲ ਮੀਟਿੰਗ ਤੋਂ ਬਾਅਦ ਹੜਤਾਲ ਖਤਮ ਕਰਨ ਦੀ ਗੱਲ ਕਹੀ ਸੀ, ਪਰ ਹੜਤਾਲ ਜਾਰੀ ਰੱਖਣ ਦੇ ਆਪਣੇ ਫ਼ੈੈਸਲੇ ’ਤੇ ਮੁੜ ਵਿਚਾਰ ਕੀਤਾ। ਇਹ ਐਲਾਨ ਬੀਤੀ ਰਾਤ ਕੀਤਾ ਗਿਆ। ਇਸ ਦੌਰਾਨ ਐਲਾਨ ਕੀਤਾ ਗਿਆ ਕਿ ਪੰਜਾਬ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਦੀਆਂ ਓ.ਪੀ.ਡੀ ਸੇਵਾਵਾਂ ਬੰਦ ਰਹਿਣਗੀਆਂ। ਇਸ ਕਾਰਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਅਤੇ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਓ.ਪੀ.ਡੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਇਸ ਦੌਰਾਨ ਵੱਡੀ ਗਿਣਤੀ ਵਿਚ ਮਰੀਜ਼ ਪ੍ਰੇਸ਼ਾਨ ਹਨ।