ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੱਲ੍ਹ ਐਲਾਨ ਕੀਤਾ ਸੀ ਕਿ ਸਟੇਟ ਹਾਈਵੇਅ ਪਟਿਆਲਾ-ਨਾਭਾ-ਮਲੇਰਕੋਟਲਾ ‘ਤੇ ਪੈਂਦੇ 2 ਟੋਲ ਪਲਾਜ਼ੇ 5 ਅਗਸਤ ਤੋਂ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਪੀ.ਡਬਲਯੂ.ਡੀ. ਮੰਤਰੀ ਨੇ ਦੱਸਿਆ ਕਿ ਬੀਤੀ ਦੇਰ ਰਾਤ ਪਟਿਆਲਾ-ਨਾਭਾ-ਮਲੇਰਕੋਟਲਾ ‘ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ ‘ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਟੋਲ ਪਲਾਜ਼ਿਆਂ ਤੋਂ ਪ੍ਰਤੀ ਮਹੀਨਾ ਕੁੱਲ 87 ਲੱਖ ਰੁਪਏ ਵਸੂਲੇ ਜਾਂਦੇ ਹਨ।
ਮੰਤਰੀ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਧ ਰਹੀ ਮਹਿੰਗਾਈ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਪ੍ਰਦਾਨ ਕਰਨ ਦੇ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 2 ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਸੂਬੇ ਭਰ ਦੇ ਬੰਦ ਪਏ ਟੋਲ ਪਲਾਜ਼ਿਆਂ ਦੀ ਕੁੱਲ ਗਿਣਤੀ 18 ਹੋ ਗਈ ਹੈ, ਜਿਸ ਨਾਲ ਯਾਤਰੀਆਂ ਨੂੰ ਰੋਜ਼ਾਨਾ 61.67 ਲੱਖ ਰੁਪਏ ਦੀ ਬੱਚਤ ਹੋਵੇਗੀ। ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਟੋਲ ਉਗਰਾਹੀ ਨੂੰ ਬੰਦ ਕਰਨਾ ਪੰਜਾਬ ਦੇ ਲੋਕਾਂ ਲਈ ਆਰਥਿਕ ਰਾਹਤ ਵੱਲ ਇੱਕ ਅਹਿਮ ਕਦਮ ਹੈ, ਜਿਸ ਨਾਲ ਨਾਗਰਿਕਾਂ ‘ਤੇ ਵਿੱਤੀ ਬੋਝ ਘਟੇਗਾ ਅਤੇ ਇਨ੍ਹਾਂ ਸੜਕਾਂ ‘ਤੇ ਨਿਰਵਿਘਨ ਅਤੇ ਮੁਸ਼ਕਲ ਰਹਿਤ ਆਵਾਜਾਈ ਨੂੰ ਯਕੀਨੀ ਬਣਾਇਆ ਜਾਵੇਗਾ।