ਪੰਜਾਬ ’ਚ ਰੋਜ਼ਾਨਾ 4 ਲੱਖ ਦੇ ਕਰੀਬ ਮਹਿਲਾਵਾਂ ਲੈ ਰਹੀਆਂ ਹਨ ਮੁਫ਼ਤ ਬੱਸ ਸਫ਼ਰ ਦਾ ਲਾਹਾ। ‘ਆਪ’ ਸਰਕਾਰ ਵੱਲੋਂ ਆਪਣੇ 28 ਮਹੀਨਿਆਂ ਦੇ ਕਾਰਜਕਾਲ ਦੌਰਾਨ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸੇਵਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਹਰ ਘੰਟੇ 16 ਹਜ਼ਾਰ ਦੇ ਕਰੀਬ ਜਦਕਿ ਹਰ ਮਿੰਟ ਵਿੱਚ 265 ਔਰਤਾਂ ਮੁਫ਼ਤ ਬੱਸ ਸੇਵਾ ਦਾ ਲਾਹਾ ਲੈ ਰਹੀਆਂ ਹਨ। ਵਿੱਤੀ ਵਰ੍ਹੇ 2023-2024 ਦੌਰਾਨ 694.64 ਕਰੋੜ ਰੁਪਏ ਖ਼ਰਚ ਕੇ ਔਰਤਾਂ ਨੂੰ ਮੁਫ਼ਤ ਯਾਤਰਾ ਦਾ ਲਾਭ ਦਿੱਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ 28 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਮਹਿਲਾਵਾਂ ਲਈ ਮੁਫ਼ਤ ਯਾਤਰਾ ਯਕੀਨੀ ਬਣਾਉਣ ਹਿੱਤ 1,548.25 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਸਕੀਮ ਤਹਿਤ ਔਰਤਾਂ ਨੂੰ 32.46 ਕਰੋੜ ਯਾਤਰਾਵਾਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਸ ਸਦਕਾ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਸਮਰੱਥ ਬਣਾਉਣ ਦੇ ਮੌਕਿਆਂ ਤੱਕ ਉਨ੍ਹਾਂ ਦੀ ਪਹੁੰਚ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਵਾਧਾ ਹੋਇਆ ਹੈ।
ਕੈਬਨਿਟ ਮੰਤਰੀ ਨੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਰਚ 2022 ਤੋਂ ਮਾਰਚ 2023 ਤੱਕ ਕੁੱਲ 664.63 ਕਰੋੜ ਰੁਪਏ ਖ਼ਰਚ ਕੇ ਮਹਿਲਾਵਾਂ ਨੂੰ 14.29 ਕਰੋੜ ਯਾਤਰਾਵਾਂ ਦਾ ਲਾਭ ਦਿੱਤਾ ਗਿਆ ਜਦਕਿ ਵਿੱਤੀ ਵਰ੍ਹੇ 2023-2024 ਦੌਰਾਨ 694.64 ਕਰੋੜ ਰੁਪਏ ਦੇ ਖ਼ਰਚ ਨਾਲ ਔਰਤਾਂ ਨੂੰ 14.90 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ 15 ਜੁਲਾਈ, 2024 ਤੱਕ 188.98 ਕਰੋੜ ਰੁਪਏ ਨਾਲ ਮਹਿਲਾਵਾਂ ਨੂੰ 3.27 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਜਾ ਚੁੱਕੀ ਹੈ।