ਮੌਸਮ ਵਿਭਾਗ ਨੇ 17 ਜੁਲਾਈ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਹਨ ਅਤੇ ਜ਼ਿਲ੍ਹਾ ਮਾਲ ਅਫ਼ਸਰਾਂ ਨੂੰ ਇਨ੍ਹਾਂ ਕੰਟਰੋਲ ਰੂਮਾਂ ਦੇ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਹੈ।
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਦੀ ਸਥਿਤੀ ਨੂੰ ਕਾਬੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਗਟਰਾਂ ਅਤੇ ਡਰੇਨਾਂ ਆਦਿ ਦੀ ਸਫ਼ਾਈ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵਿੱਤੀ ਸਹਾਇਤਾ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹਿਆਂ ਵੱਲੋਂ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।