ਨਵੀਂ ਦਿੱਲੀ: ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਕਸਰ ਚਿੱਟੇ ਰੰਗ ਦੀ ਟੀ-ਸ਼ਰਟ ‘ਚ ਨਜ਼ਰ ਆਉਂਦੇ ਹਨ। ਉਨ੍ਹਾਂ ਐਤਵਾਰ ਨੂੰ ‘ਵਾਈਟ ਟੀ-ਸ਼ਰਟ ਮੁਹਿੰਮ’ ਸ਼ੁਰੂ ਕਰਨ ਦਾ ਐਲਾਨ ਕੀਤਾ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਗਰੀਬਾਂ ਤੋਂ ਮੂੰਹ ਮੋੜਨ ਦਾ ਦੋਸ਼ ਲਾਇਆ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਐਕਸ ‘ਤੇ ਪੋਸਟ ਕਰਕੇ ਇਸ ਮੁਹਿੰਮ ਦਾ ਐਲਾਨ ਕੀਤਾ। ਲੋਕਾਂ ਨੂੰ ਵੀ ਇਸ ਦਾ ਹਿੱਸਾ ਬਣਨ ਦੀ ਅਪੀਲ ਕੀਤੀ।
ਕਾਂਗਰਸ ਦਾ ਕਹਿਣਾ ਹੈ ਕਿ ਚਿੱਟੀ ਟੀ ਸਿਰਫ਼ ਕੱਪੜੇ ਦਾ ਟੁਕੜਾ ਨਹੀਂ ਹੈ, ਸਗੋਂ ਸੰਵਿਧਾਨ ਅਤੇ ਨਿਆਂ ਦੀ ਰੱਖਿਆ ਲਈ ਖੜ੍ਹੇ ਹੋਣ ਦਾ ਪ੍ਰਤੀਕ ਹੈ। ਪਾਰਟੀ ਨੇ ਅੱਗੇ ਕਿਹਾ ਕਿ ਅੱਜ ਮਜ਼ਦੂਰ ਵਰਗ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਭਾਰੀ ਦਬਾਅ ਵਿੱਚ ਰਹਿ ਰਿਹਾ ਹੈ। ਵਧਦੀ ਮਹਿੰਗਾਈ ਨੇ ਉਨ੍ਹਾਂ ਦੇ ਸੁਪਨੇ ਚੂਰ ਚੂਰ ਕਰ ਦਿੱਤੇ ਹਨ। ਕੰਪਨੀਆਂ ਮੁਨਾਫੇ ਵਿੱਚ ਹਨ, ਪਰ ਗਰੀਬਾਂ ਦੀ ਆਮਦਨ ਵਿੱਚ ਵਾਧਾ ਨਹੀਂ ਹੋ ਰਿਹਾ ਹੈ। ਅਜਿਹੀ ਸਥਿਤੀ ਵਿੱਚ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਇਕੱਠੇ ਹੋ ਕੇ ਉਨ੍ਹਾਂ ਨੂੰ ਇਨਸਾਫ਼ ਅਤੇ ਹੱਕ ਦਿਵਾਉਣ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰੀਏ।