ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਜਿਸ ‘ਚ ਅਦਾਲਤ ‘ਚ ਵੱਡੇ ਹੁਕਮ ਦਿੱਤੇ ਗਏ ਹਨ। ਦੱਸ ਦਈਏ ਕਿ ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ, ਜਿਸ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਇੱਕ ਹਫ਼ਤੇ ਵਿੱਚ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਦੋਵੇਂ ਪਾਸੇ ਇਕ ਲੇਨ ਖੋਲ੍ਹੀ ਜਾਵੇ। ਐਂਬੂਲੈਂਸ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸੁਪਰੀਮ ਕੋਰਟ ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨਾਂ ਨਾਲ ਗੱਲ ਕਰਨ ਲਈ ਕਮੇਟੀ ਬਣਾਏਗੀ।
ਅੱਜ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪਟਿਆਲਾ ਤੇ ਅੰਬਾਲਾ ਦੇ ਸੀਨੀਅਰ ਪੁਲੀਸ ਕਪਤਾਨਾਂ ਅਤੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਗੈਰ-ਸਿਆਸੀ ਕਮੇਟੀ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਹੱਲ ਕਰੇਗੀ, ਕੇਂਦਰ ਤੇ ਪੰਜਾਬ ਨੇ ਨਾਂ ਪੇਸ਼ ਕੀਤੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਹਾਈਵੇਅ ‘ਤੇ ਟਰੈਕਟਰ ਪਾਰਕਿੰਗ ਨਹੀਂ ਹੈ। ਹਾਈਵੇਅ ਨੂੰ ਅੰਸ਼ਕ ਤੌਰ ‘ਤੇ ਐਂਬੂਲੈਂਸਾਂ ਲਈ ਖੋਲ੍ਹਿਆ ਜਾ ਸਕਦਾ ਹੈ।