ਹਰਿਆਣਾ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੇਂਦਰ ਸਰਕਾਰ ਦੀ ਤਰਜ਼ ‘ਤੇ ਸੂਬੇ ਵਿੱਚ ਹੁਣ ਇੱਕ ਨਵੀਂ ਯੋਜਨਾ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੀਤੀ ਰਾਤ ਇਹ ਐਲਾਨ ਕਰਦੇ ਹੋਏ ਕਿਹਾ ਕਿ ਇਸ ਸਕੀਮ ਤਹਿਤ ਹਿੱਟ ਐਂਡ ਰਨ ਦੁਰਘਟਨਾ ਦੇ ਪੀੜਤਾਂ ਨੂੰ ਨਕਦੀ ਰਹਿਤ ਇਲਾਜ ਦੀ ਸਹੂਲਤ ਦੇ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੀੜਤਾਂ ਨੂੰ ਮੁਆਵਜ਼ੇ ਦੀ ਅਰਜ਼ੀ ਅਤੇ ਅਦਾਇਗੀ ਦੀ ਪ੍ਰਕਿਰਿਆ ਲਈ ਸਮਾਂ ਸੀਮਾ ਵੀ ਨਿਰਧਾਰਤ ਕੀਤੀ ਗਈ ਹੈ।
ਮੁੱਖ ਮੰਤਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਬੀਮਾਯੁਕਤ ਅਤੇ ਬੀਮਾ ਰਹਿਤ ਵਾਹਨਾਂ ਅਤੇ ਹਿੱਟ ਐਂਡ ਰਨ ਹਾਦਸਿਆਂ ਦੇ ਪੀੜਤਾਂ ਨੂੰ ਨਕਦ ਰਹਿਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਹ ਖਰਚਾ ਹਰਿਆਣਾ ਰੋਡ ਸੇਫਟੀ ਫੰਡ ਤੋਂ ਉਠਾਇਆ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ‘ਤੇ ਇਸ ਸਕੀਮ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਵੀ ਬਣਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੁਆਵਜ਼ੇ ਦੀ ਅਦਾਇਗੀ ਦੇ ਹੁਕਮ ਜਾਂਚ ਕਮਿਸ਼ਨਰ ਵੱਲੋਂ ਰਿਪੋਰਟ ਪੇਸ਼ ਹੋਣ ਤੋਂ 15 ਦਿਨਾਂ ਦੇ ਅੰਦਰ-ਅੰਦਰ ਜਾਰੀ ਕੀਤੇ ਜਾਣਗੇ। ਇਸ ਤੋਂ ਬਾਅਦ 15 ਦਿਨਾਂ ਦੇ ਅੰਦਰ ਮੁਆਵਜ਼ਾ ਵੀ ਦਿੱਤਾ ਜਾਵੇਗਾ।