10 ਮਾਰਚ ਨੂੰ ਕਿਸਾਨ ਯੂਨੀਅਨਾਂ ਵੱਲੋਂ ਵਿਧਾਇਕਾਂ ਦੇ ਘਰਾਂ ਅੱਗੇ ਧਰਨਾ ਦੇਣ ਦਾ ਐਲਾਨ

ਭਵਾਨੀਗੜ੍ਹ : ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਨਾਲ ਜੁੜੀਆਂ ਕਿਸਾਨ ਯੂਨੀਅਨਾਂ ਬੀ.ਕੇ.ਯੂ. ਏਕਤਾ ਡਕੌਂਦਾ, ਬੀ.ਕੇ.ਯੂ. ਰਾਜੇਵਾਲ, ਕਿਰਤੀ ਕਿਸਾਨ ਯੂਨੀਅਨ ਅਤੇ ਕੁਲ ਹਿੰਦ ਕਿਸਾਨ ਸਭਾ ਨੇ ਬਠਿੰਡਾ-ਜ਼ੀਰਕਪੁਰ ਰਾਸ਼ਟਰੀ ਰਾਜ ਮਾਰਗ ‘ਤੇ ਪਿੰਡ ਬਲਦ ਕੋਠੀ ਨੇੜੇ ਬੀਤੇ ਦਿਨ ਤੋਂ ਚੱਲ ਰਹੇ ਆਪਣੇ ਧਰਨੇ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ ਅਤੇ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਵਿਧਾਇਕਾਂ ਦੇ ਘਰਾਂ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ।

ਇਸ ਤੋਂ ਪਹਿਲਾਂ ਇਸ ਰੋਸ ਪ੍ਰਦਰਸ਼ਨ ਦੌਰਾਨ ਜੇਲ੍ਹ ਤੋਂ ਰਿਹਾਅ ਹੋਏ ਕਿਸਾਨਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬੁੱਧ ਸਿੰਘ ਬਾਲਦ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਡਾ. ਬਲਜਿੰਦਰ ਸਿੰਘ ਸੰਘਰੇੜੀ ,ਅਜੈਬ ਸਿੰਘ ਸੰਘਰੇੜੀ ਅਤੇ ਉਧਮ ਸਿੰਘ ਸੰਤੋਖਪੁਰਾ ਨੂੰ ਕਿਸਾਨ ਨੇਤਾਵਾਂ ਨੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ । ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੁਲਿਸ ਨੇ ਇਨ੍ਹਾਂ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਹਿਰਾਸਤ ਵਿੱਚ ਲੈ ਕੇ ਜੇਲ੍ਹ ਭੇਜ ਦਿੱਤਾ ਸੀ ਪਰ ਸਰਕਾਰ ਨੂੰ ਕਿਸਾਨ ਯੂਨੀਅਨਾਂ ਦੇ ਸੰਘਰਸ਼ ਅੱਗੇ ਝੁਕਦਿਆਂ ਦੇਰ ਰਾਤ ਉਨ੍ਹਾਂ ਨੂੰ ਰਿਹਾਅ ਕਰਨਾ ਪਿਆ।

ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਮੇਜਰ ਸਿੰਘ ਪੁੰਨਾਵਾਲ, ਬੀ.ਕੇ.ਯੂ. ਰਾਜੇਵਾਲ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ, ਸਰਬਜੀਤ ਸਿੰਘ ਕਪਿਆਲ, ਬਲਜਿੰਦਰ ਸਿੰਘ ਕਪਿਆਲ, ਕਰਮਜੀਤ ਸਿੰਘ ਸਫੀਪੁਰ, ਸੁਖਦੇਵ ਸਿੰਘ ਉਭਾਵਾਲ, ਜਗਤਾਰ ਸਿੰਘ ਦੁੱਗਣ, ਸੁਖਵੀਰ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

 

Leave a Reply

Your email address will not be published. Required fields are marked *