ਤਰਨਤਾਰਨ ਜ਼ਿਲ੍ਹੇ ਦੇ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਪੜਿੰਗੜੀ ਦਾ ਰਹਿਣ ਵਾਲਾ 19 ਸਾਲਾ ਨੌਜਵਾਨ ਵਿਸ਼ਾਲ ਸਿੰਘ ਟਰੈਕਟਰ ਤੋਂ ਡਿੱਗਣ ਕਾਰਨ ਆਪਣੀ ਜਾਨ ਗੁਆ ਬੈਠਾ। ਪ੍ਰਾਪਤ ਜਾਣਕਾਰੀ ਮੁਤਾਬਕ ਵਿਸ਼ਾਲ ਸਿੰਘ ਸੰਗਤ ਦੇ ਨਾਲ ਪਿੰਡ ਪਹੁਵਿੰਡ ਵਿੱਚ ਚੱਲ ਰਹੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਾਮਲ ਹੋਣ ਲਈ ਜਾ ਰਿਹਾ ਸੀ।
ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਚਾਲਕ ਦੀ ਲਾਪਰਵਾਹੀ ਕਾਰਨ ਵਿਸ਼ਾਲ ਸਿੰਘ ਟਰੈਕਟਰ ਤੋਂ ਡਿੱਗ ਪਿਆ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਹਾਦਸੇ ਤੋਂ ਬਾਅਦ ਨਾ ਤਾਂ ਉਨ੍ਹਾਂ ਨੂੰ ਤੁਰੰਤ ਕੋਈ ਫੋਨ ਰਾਹੀਂ ਸੂਚਨਾ ਦਿੱਤੀ ਗਈ ਅਤੇ ਨਾ ਹੀ ਵਿਸ਼ਾਲ ਸਿੰਘ ਨੂੰ ਕਿਸੇ ਹਸਪਤਾਲ ਵਿੱਚ ਮੈਡੀਕਲ ਇਲਾਜ ਲਈ ਲਿਜਾਇਆ ਗਿਆ।
ਪਰਿਵਾਰ ਦਾ ਕਹਿਣਾ ਹੈ ਕਿ ਵਿਸ਼ਾਲ ਸਿੰਘ ਦੀ ਮੌਤ ਤੋਂ ਬਾਅਦ ਉਸਦੀ ਲਾਸ਼ ਸਿੱਧੀ ਘਰ ਲਿਆ ਕੇ ਰੱਖ ਦਿੱਤੀ ਗਈ, ਜਦਕਿ ਹਾਦਸੇ ਦਾ ਕਾਰਨ ਬਣਿਆ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਦੁਖੀ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਟਰੈਕਟਰ ਚਾਲਕ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ।







