HomePunjabਅੰਮ੍ਰਿਤਸਰ ਵਿੱਚ 40 ਸਾਲਾ ਵਿਅਕਤੀ ਦੀ ਮੌਤ, ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦਾ...

ਅੰਮ੍ਰਿਤਸਰ ਵਿੱਚ 40 ਸਾਲਾ ਵਿਅਕਤੀ ਦੀ ਮੌਤ, ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦਾ ਦੋਸ਼

ਅੰਮ੍ਰਿਤਸਰ: ਅੰਮ੍ਰਿਤਸਰ ਦੇ ਗੇਟ ਹਕੀਮਾਂ ਥਾਣਾ ਖੇਤਰ ਵਿੱਚ 40 ਸਾਲਾ ਵਿਅਕਤੀ ਦੀ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਸੰਦੀਪ ਨੂੰ ਘਰੋਂ ਬੁਲਾ ਕੇ ਲਿਜਾਇਆ ਗਿਆ ਅਤੇ ਬਾਅਦ ਵਿੱਚ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।

ਪਰਿਵਾਰ ਮੁਤਾਬਕ ਸੰਦੀਪ ਸਿੰਘ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦੇ ਸਿਰ ਅਤੇ ਸਰੀਰ ’ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ ਅਤੇ ਕਾਫ਼ੀ ਖੂਨ ਵਹਿ ਰਿਹਾ ਸੀ।

ਮ੍ਰਿਤਕ ਦੀ ਭੈਣ ਬਲਜੀਤ ਕੌਰ ਨੇ ਦੱਸਿਆ ਕਿ ਸੰਦੀਪ ਦੇ ਪਿਤਾ ਨੇ ਉਨ੍ਹਾਂ ਨੂੰ ਆਪਣੀ ਧੀ ਮੰਨਿਆ ਹੋਇਆ ਸੀ, ਜਿਸ ਕਾਰਨ ਸੰਦੀਪ ਨਾਲ ਉਨ੍ਹਾਂ ਦਾ ਭੈਣ-ਭਰਾ ਵਰਗਾ ਰਿਸ਼ਤਾ ਸੀ। ਉਨ੍ਹਾਂ ਅਨੁਸਾਰ ਘਟਨਾ ਤੋਂ ਕੁਝ ਸਮਾਂ ਪਹਿਲਾਂ ਸੰਦੀਪ ਉਨ੍ਹਾਂ ਦੇ ਘਰ ਦੇ ਨੇੜਿਓਂ ਲੰਘਿਆ ਸੀ। ਇਸ ਤੋਂ ਬਾਅਦ ਪਰਿਵਾਰ ਨੂੰ ਉਸ ਨਾਲ ਕੁੱਟਮਾਰ ਹੋਣ ਦੀ ਜਾਣਕਾਰੀ ਮਿਲੀ।

ਬਲਜੀਤ ਕੌਰ ਨੇ ਦੱਸਿਆ ਕਿ ਸੰਦੀਪ ਦੇ ਨਾਲ ਇੱਕ ਨੌਜਵਾਨ ਵੀ ਸੀ, ਜੋ ਪਹਿਲਾਂ ਵੀ ਉਸ ਨਾਲ ਉੱਠਦਾ-ਬੈਠਦਾ ਸੀ। ਪਰਿਵਾਰ ਨੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ, ਤਾਂ ਜੋ ਪਤਾ ਲੱਗ ਸਕੇ ਕਿ ਸੰਦੀਪ ਦੇ ਨਾਲ ਕੌਣ-ਕੌਣ ਲੋਕ ਸਨ ਅਤੇ ਉਸ ਨੂੰ ਕਿੱਥੇ ਲਿਜਾਇਆ ਗਿਆ।

ਪਰਿਵਾਰ ਨੇ ਦੋਸ਼ ਲਗਾਇਆ ਕਿ ਸੰਦੀਪ ’ਤੇ ਕਰੀਬ 15 ਤੋਂ 16 ਵਿਅਕਤੀਆਂ ਨੇ ਹਮਲਾ ਕੀਤਾ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਸਬੰਧੀ ਥਾਣਾ ਗੇਟ ਹਕੀਮਾਂ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਦੀ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ, ਪਰ ਹਸਪਤਾਲ ਪਹੁੰਚਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ।

ਪੁਲਿਸ ਅਨੁਸਾਰ ਮ੍ਰਿਤਕ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ। ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ, ਪਰ ਇਸ ਦੀ ਪੁਸ਼ਟੀ ਮੈਡੀਕਲ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਹੋਵੇਗੀ। ਪੁਲਿਸ ਵੱਲੋਂ ਪਰਿਵਾਰ ਅਤੇ ਹੋਰ ਲੋਕਾਂ ਦੇ ਬਿਆਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਫਿਲਹਾਲ ਪੁਲਿਸ ਘਟਨਾ ਦੇ ਕਾਰਨਾਂ, ਹਮਲਾਵਰਾਂ ਦੀ ਗਿਣਤੀ ਅਤੇ ਕਥਿਤ ਤੌਰ ’ਤੇ ਸ਼ਾਮਲ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ। ਪਰਿਵਾਰ ਨੇ ਜਲਦ ਤੋਂ ਜਲਦ ਦੋਸ਼ੀਆਂ ਨੂੰ ਕਾਬੂ ਕਰਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments