ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਮਿਲਾਵਟਖੋਰੀ ਵਿਰੁੱਧ ਪੁਲਿਸ ਤੇ ਫੂਡ ਸੇਫ਼ਟੀ ਟੀਮ ਦੀ ਸਾਂਝੀ ਕਾਰਵਾਈ
ਬਰਨਾਲਾ: ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮਿਲਾਵਟਖੋਰੀ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਬਰਨਾਲਾ ਅਤੇ ਫੂਡ ਸੇਫ਼ਟੀ ਟੀਮ ਨੇ ਸਾਂਝੀ ਕਾਰਵਾਈ ਕਰਦਿਆਂ 600 ਕਿਲੋ ਸ਼ੱਕੀ ਪਨੀਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੌਕੇ ਤੋਂ ਇੱਕ ਗੱਡੀ ਵੀ ਬਰਾਮਦ ਕੀਤੀ ਹੈ।
ਸੀ.ਆਈ.ਏ. ਸਟਾਫ਼ ਦੇ ਅਧਿਕਾਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਫੂਡ ਸੇਫ਼ਟੀ ਅਫ਼ਸਰ ਚਰਨਜੀਤ ਸਿੰਘ ਸਮੇਤ ਪੁਲਿਸ ਟੀਮ ਵੱਲੋਂ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਗੁਰਵਿੰਦਰ ਸਿੰਘ ਵਾਸੀ ਬਖੋਰਾ ਕਲਾਂ ਨੂੰ ਕਾਬੂ ਕੀਤਾ ਗਿਆ।
ਗੱਡੀ ਦੀ ਤਲਾਸ਼ੀ ਲੈਣ ’ਤੇ ਉਸ ਵਿੱਚੋਂ 600 ਕਿਲੋ ਸ਼ੱਕੀ ਪਨੀਰ ਬਰਾਮਦ ਹੋਇਆ। ਮੁੱਢਲੀ ਜਾਂਚ ਮੁਤਾਬਕ ਇਹ ਪਨੀਰ ਸੰਗਰੂਰ ਤੋਂ ਲਿਆ ਕੇ ਬਠਿੰਡਾ ਵੱਲ ਵੇਚਣ ਲਈ ਲਿਜਾਇਆ ਜਾ ਰਿਹਾ ਸੀ।
ਪਨੀਰ ਦੇ ਸੈਂਪਲ ਜਾਂਚ ਲਈ ਭੇਜੇ
ਫੂਡ ਸੇਫ਼ਟੀ ਅਫ਼ਸਰ ਨੇ ਮੌਕੇ ’ਤੇ ਹੀ ਪਨੀਰ ਦੇ ਸੈਂਪਲ ਲਏ, ਜਿਨ੍ਹਾਂ ਨੂੰ ਲੈਬ ਵਿੱਚ ਜਾਂਚ ਲਈ ਭੇਜ ਦਿੱਤਾ ਗਿਆ ਹੈ। ਬਾਕੀ ਪਨੀਰ ਨੂੰ ਜ਼ਬਤ ਕਰ ਲਿਆ ਗਿਆ ਹੈ।
ਪੁਲਿਸ ਨੇ ਮੁਲਜ਼ਮ ਵਿਰੁੱਧ ਭਾਰਤੀ ਨਿਆਏ ਸੰਹਿਤਾ (BNS) ਦੀਆਂ ਧਾਰਾਵਾਂ 318(4), 274 ਅਤੇ 275 ਤਹਿਤ ਮਾਮਲਾ ਦਰਜ ਕੀਤਾ ਹੈ। ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਮੁਲਜ਼ਮ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ। ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਮਿਲਾਵਟ ਰੋਕਣ ਲਈ ਫੂਡ ਸੇਫ਼ਟੀ ਵਿਭਾਗ ਅਤੇ ਪੁਲਿਸ ਵੱਲੋਂ ਸਾਂਝੀਆਂ ਕਾਰਵਾਈਆਂ ਹੋਰ ਤੇਜ਼ ਕੀਤੀਆਂ ਜਾਣਗੀਆਂ।






