HomePunjabMalerkotla650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਵੈਨ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ...

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਵੈਨ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਰਵਾਨਾ

ਮਾਲੇਰਕੋਟਲਾ, 7 ਜੁਲਾਈ:
ਕਿਹਾ,ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਦਾ ਸੰਦੇਸ਼ ਪਿੰਡ-ਪਿੰਡ ਤੱਕ ਪਹੁੰਚਾਏਗੀ ਡਾਕੂਮੈਂਟਰੀ ਵੈਨ
ਜ਼ਿਲ੍ਹਾ  ਨਿਵਾਸੀ ਵੱਧ ਤੋਂ ਵੱਧ ਗਿਣਤੀ ਵਿੱਚ ਡਾਕੂਮੈਂਟਰੀ ਸ਼ੋਅ ਦਾ ਲਾਭ ਉਠਾਉਣ: ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦਫ਼ਤਰ ਡਿਪਟੀ ਕਮਿਸ਼ਨਰ ਤੋਂ ਇੱਕ ਵਿਸ਼ੇਸ਼ ਡਾਕੂਮੈਂਟਰੀ ਵੈਨ ਨੂੰ ਰਵਾਨਾ ਕੀਤਾ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ,ਵਧੀਕ ਡਿਪਟੀ ਕਮਿਸ਼ਨਰ(ਡੀ) ਰਿੰਪੀ ਗਰਗ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵੈਨ ਜ਼ਿਲ੍ਹਾ ਮਾਲੇਰਕੋਟਲਾ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਉਨ੍ਹਾਂ ਦੀਆਂ ਪਵਿੱਤਰ ਸਿੱਖਿਆਵਾਂ, ਫ਼ਲਸਫ਼ੇ ਅਤੇ ਸਮਾਜ ਨੂੰ ਦਿੱਤੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਡਾਕੂਮੈਂਟਰੀ ਰਾਹੀਂ ਲੋਕਾਂ ਤੱਕ ਪਹੁੰਚਾਏਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਡਾਕੂਮੈਂਟਰੀ ਸ਼ੋਅ ਹਰ ਰੋਜ਼ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸ਼ਾਮ 6:00 ਤੋਂ 7:00 ਵਜੇ ਅਤੇ 7:00 ਤੋਂ 8:00 ਵਜੇ ਤੱਕ ਦੋ ਸੋਅ ਦਿਖਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਇਹ ਡਾਕੂਮੈਂਟਰੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗੀ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਵਿੱਚ ਡਾਕੂਮੈਂਟਰੀ ਵੈਨ ਦੇ ਪਹੁੰਚਣ ਸਮੇਂ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋ ਕੇ ਇਸ ਵਿਲੱਖਣ ਉਪਰਾਲੇ ਦਾ ਲਾਭ ਉਠਾਉਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਸੁਧਾਰ ਲਈ ਦਿੱਤੇ ਅਮੁੱਲੇ ਯੋਗਦਾਨ ਤੋਂ ਪ੍ਰੇਰਨਾ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਭਾਈਚਾਰੇ, ਸਮਾਨਤਾ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਸਿੱਧ ਹੋਣਗੇ।
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments