ਚੰਡੀਗੜ੍ਹ: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 173ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਅਤੇ ਮੈਪ ਕੀਤੇ ਗਏ 1074 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਫ਼ੈਸਲਾਕੁੰਨ ਜੰਗ ਵਜੋਂ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਲਗਾਤਾਰ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਮੁਹਿੰਮ ਦੇ 173ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰ ਬਰਾਮਦ ਕਰਨ ਦੇ ਨਾਲ-ਨਾਲ 911 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਕਾਰਵਾਈ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 47,685 ਹੋ ਗਈ ਹੈ।
ਇਸ ਤੋਂ ਇਲਾਵਾ ਪੁਲਿਸ ਵੱਲੋਂ 510 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ 19 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।
ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਸਬੰਧੀ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਗੁਪਤ ਤੌਰ ’ਤੇ ਸਾਂਝੀ ਕਰ ਸਕਦੇ ਹਨ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਇਸੇ ਦੌਰਾਨ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 498ਵੇਂ ਦਿਨ ਵੀ ਕਾਰਵਾਈ ਜਾਰੀ ਰਹੀ। ਪੁਲਿਸ ਟੀਮਾਂ ਨੇ 69 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 829 ਗ੍ਰਾਮ ਹੈਰੋਇਨ, 565 ਨਸ਼ੀਲੀਆਂ ਗੋਲੀਆਂ ਅਤੇ 5,250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।
ਪੁਲਿਸ ਅਨੁਸਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 498 ਦਿਨਾਂ ਦੌਰਾਨ ਹੁਣ ਤੱਕ ਕੁੱਲ 73,505 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਤੋਂ ਇਲਾਜ ਕਰਵਾਉਣ ਲਈ ਵੀ ਰਾਜ਼ੀ ਕੀਤਾ।







