ਨਵੀਂ ਦਿੱਲੀ: ਦੇਸ਼ ਦੇ ਕਈ ਹਿੱਸਿਆਂ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 15 ਤੋਂ ਵੱਧ ਰਾਜਾਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਕਈ ਇਲਾਕਿਆਂ ਵਿੱਚ ਹਲਕੇ ਤੋਂ ਲੈ ਕੇ ਭਾਰੀ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪਹਾੜੀ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਦਾ ਖਤਰਾ ਵੀ ਬਣਿਆ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਪੰਜਾਬ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਬਿਹਾਰ, ਝਾਰਖੰਡ, ਓਡੀਸ਼ਾ, ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਮੀਂਹ ਪੈਣ ਦੇ ਆਸਾਰ ਹਨ। ਕਈ ਥਾਵਾਂ ‘ਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਦਿੱਲੀ ਵਿੱਚ ਅੱਜ ਬੱਦਲਵਾਈ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਵਿੱਚ 3 ਤੋਂ 8 ਅਗਸਤ ਤੱਕ ਚੰਗੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ ਅਤੇ ਰਾਜ ਦੇ ਸਾਰੇ 75 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਬਿਹਾਰ ਦੇ 25 ਜ਼ਿਲ੍ਹਿਆਂ ਵਿੱਚ ਗਰਜ-ਚਮਕ, ਭਾਰੀ ਮੀਂਹ ਅਤੇ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਸ ਦੌਰਾਨ ਬਿਹਾਰ ਦੇ ਬਾਂਕਾ ਜ਼ਿਲ੍ਹੇ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਝਾਰਖੰਡ ਵਿੱਚ ਵੀ ਬਿਜਲੀ ਡਿੱਗਣ ਨਾਲ 4 ਲੋਕਾਂ ਦੀ ਜਾਨ ਚਲੀ ਗਈ। ਹਰਿਆਣਾ ਵਿੱਚ 3 ਅਤੇ 4 ਅਗਸਤ ਨੂੰ ਹਲਕੀ ਬਾਰਿਸ਼ ਦੀ ਸੰਭਾਵਨਾ ਹੈ, ਜਦਕਿ ਉੱਤਰਾਖੰਡ ਦੇ ਸੱਤ ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਮੀਂਹ ਦੌਰਾਨ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ, ਪਾਣੀ ਨਾਲ ਭਰੇ ਇਲਾਕਿਆਂ ਤੋਂ ਦੂਰ ਰਹਿਣ ਅਤੇ ਪਹਾੜੀ ਖੇਤਰਾਂ ਵਿੱਚ ਯਾਤਰਾ ਕਰਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ। ਨਾਲ ਹੀ ਮੌਸਮ ਨਾਲ ਜੁੜੀਆਂ ਤਾਜ਼ਾ ਜਾਣਕਾਰੀਆਂ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ।






