ਚੰਡੀਗੜ੍ਹ: ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਨੂੰ ਲੈ ਕੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਅੰਦਰੂਨੀ ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਅਤੇ ਪਾਰਟੀ ਦੇ ਲਗਭਗ ਹਰ ਪ੍ਰੋਗਰਾਮ ਵਿੱਚ ਵਿਵਾਦ ਅਤੇ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ।
ਬਿੱਟੂ ਨੇ ਵਿਅੰਗ ਕਰਦਿਆਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਟੀਵੀ ‘ਤੇ ਸੱਸ-ਨੂੰਹ ਦੇ ਸੀਰੀਅਲਾਂ ਦੀ ਚਰਚਾ ਹੁੰਦੀ ਸੀ, ਪਰ ਉਹ ਤਾਂ ਖ਼ਤਮ ਹੋ ਗਏ, ਜਦਕਿ ਕਾਂਗਰਸ ਦਾ ਕਲੇਸ਼ ਅੱਜ ਵੀ ਜਾਰੀ ਹੈ। ਉਨ੍ਹਾਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੂਬਾ ਇੰਚਾਰਜ ਭੁਪੇਸ਼ ਬਘੇਲ ਨੂੰ ਨਿਸ਼ਾਨੇ ‘ਤੇ ਲੈਂਦਿਆਂ ਦਾਅਵਾ ਕੀਤਾ ਕਿ ਪਾਰਟੀ ਦੇ ਸਮਾਗਮਾਂ ਵਿੱਚ ਵਰਕਰਾਂ ਦਾ ਉਤਸ਼ਾਹ ਨਜ਼ਰ ਨਹੀਂ ਆ ਰਿਹਾ ਅਤੇ ਅੰਦਰੂਨੀ ਮਤਭੇਦ ਖੁੱਲ੍ਹ ਕੇ ਸਾਹਮਣੇ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਆਪਣੇ ਸਿਆਸੀ ਜੀਵਨ ਦੌਰਾਨ ਉਨ੍ਹਾਂ ਨੇ ਕਦੇ ਵੀ ਕਿਸੇ ਪਾਰਟੀ ਦੇ ਜਨਰਲ ਸਕੱਤਰ ਦੀ ਅਜਿਹੀ ਸਥਿਤੀ ਨਹੀਂ ਦੇਖੀ, ਜਿਹੀ ਇਸ ਸਮੇਂ ਭੁਪੇਸ਼ ਬਘੇਲ ਦੀ ਬਣੀ ਹੋਈ ਹੈ। ਬਿੱਟੂ ਨੇ ਕਾਂਗਰਸ ਦੇ ਵੱਖ-ਵੱਖ ਸਮਾਗਮਾਂ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਲੱਗੇ ਨਾਅਰਿਆਂ ਅਤੇ ‘ਗੋ ਬੈਕ ਬਘੇਲ’ ਦੇ ਪੋਸਟਰਾਂ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਇਹ ਘਟਨਾਵਾਂ ਪਾਰਟੀ ਦੇ ਅੰਦਰ ਚੱਲ ਰਹੇ ਵਿਵਾਦਾਂ ਨੂੰ ਦਰਸਾਉਂਦੀਆਂ ਹਨ।
ਭਾਜਪਾ ਆਗੂ ਨੇ ਕਾਂਗਰਸ ਲੀਡਰਸ਼ਿਪ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਪਾਰਟੀ ਹਰ ਵਾਰ ਇਨ੍ਹਾਂ ਘਟਨਾਵਾਂ ਲਈ ਵਿਰੋਧੀਆਂ ਨੂੰ ਜ਼ਿੰਮੇਵਾਰ ਠਹਿਰਾਉਂਦੀ ਹੈ, ਤਾਂ ਫਿਰ ਆਪਣੀ ਲੀਡਰਸ਼ਿਪ ਦੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੀ। ਉਨ੍ਹਾਂ ਕਿਹਾ ਕਿ ਲਗਾਤਾਰ ਸਾਹਮਣੇ ਆ ਰਹੀਆਂ ਅਜਿਹੀਆਂ ਘਟਨਾਵਾਂ ਸਪੱਸ਼ਟ ਕਰਦੀਆਂ ਹਨ ਕਿ ਪੰਜਾਬ ਕਾਂਗਰਸ ਦੇ ਅੰਦਰ ਸਭ ਕੁਝ ਠੀਕ ਨਹੀਂ ਹੈ।






