ਝਾਰਖੰਡ ਦੀ ਰਾਜਧਾਨੀ ਰਾਂਚੀ ਵਿੱਚ ਸੋਮਵਾਰ ਨੂੰ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਸਰਕਾਰੀ ਨੌਕਰੀਆਂ ਦੇ ਉਮੀਦਵਾਰਾਂ ਨੇ ਪ੍ਰੀਖਿਆਵਾਂ ਅਤੇ ਭਰਤੀ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ। ਜੇਪੀਐੱਸਸੀ-ਜੇਐੱਸਐੱਸਸੀ ਸੁਧਾਰ ਮੰਚ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਨੇ ਮਨੁੱਖੀ ਲੜੀ ਬਣਾਈ ਅਤੇ ਵਿਧਾਨ ਸਭਾ ਵੱਲ ਮਾਰਚ ਕੀਤਾ।
ਵਿਦਿਆਰਥੀਆਂ ਦੀ ਮੁੱਖ ਮੰਗ ਝਾਰਖੰਡ ਸਟਾਫ਼ ਚੋਣ ਕਮਿਸ਼ਨ ਦੀ ਸਾਂਝੀ ਗ੍ਰੈਜੂਏਟ ਪੱਧਰੀ ਪ੍ਰੀਖਿਆ ਰੱਦ ਕਰਨਾ, ਕਥਿਤ ਬੇਨਿਯਮੀਆਂ ਦੀ ਕੇਂਦਰੀ ਜਾਂਚ ਬਿਊਰੋ ਤੋਂ ਜਾਂਚ ਕਰਵਾਉਣਾ ਅਤੇ ਭਰਤੀ ਪ੍ਰਕਿਰਿਆ ਵਿੱਚ ਸੁਧਾਰ ਕਰਨਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।
ਪ੍ਰਦਰਸ਼ਨ ਦੌਰਾਨ ਕੁਝ ਉਮੀਦਵਾਰਾਂ ਨੇ ਦੋਸ਼ ਲਾਇਆ ਕਿ ਸੁਰੱਖਿਆ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਰਿਹਾ ਹੈ। ਕੁਝ ਪ੍ਰਦਰਸ਼ਨਕਾਰੀਆਂ ਨੇ ਇਹ ਵੀ ਦਾਅਵਾ ਕੀਤਾ ਕਿ ਮਾਰਚ ਵਿੱਚ ਸ਼ਾਮਲ ਹੋਣ ਲਈ ਆ ਰਹੇ ਉਮੀਦਵਾਰਾਂ ਦੇ ਵਾਹਨਾਂ ਨੂੰ ਰੋਕਿਆ ਗਿਆ।
ਝਾਰਖੰਡ ਲੋਕਤਾਂਤਰਿਕ ਕ੍ਰਾਂਤੀਕਾਰੀ ਮੋਰਚਾ ਦੇ ਵਿਧਾਇਕ ਜੈਰਾਮ ਕੁਮਾਰ ਮਹਤੋ ਨੇ ਸਰਕਾਰ ’ਤੇ ਨਾਕਾਮ ਰਹਿਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪ੍ਰੀਖਿਆ ਰੱਦ ਕਰਨਾ ਵਿਦਿਆਰਥੀਆਂ ਦੀ ਮੁੱਖ ਮੰਗ ਹੈ। ਉਨ੍ਹਾਂ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਦਾ ਮੁੱਦਾ ਵੀ ਉਠਾਇਆ।
ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਬਾਬੂਲਾਲ ਮਰਾਂਡੀ ਅਤੇ ਭਾਜਪਾ ਦੇ ਕਈ ਆਗੂਆਂ ਨੂੰ ਵੀ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਦੌਰਾਨ ਪੁਲੀਸ ਨੇ ਹਿਰਾਸਤ ਵਿੱਚ ਲਿਆ ਸੀ।
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪ੍ਰੀਖਿਆ ਰੱਦ ਕਰਨ, ਕੇਂਦਰੀ ਜਾਂਚ ਬਿਊਰੋ ਤੋਂ ਜਾਂਚ ਅਤੇ ਭਰਤੀ ਪ੍ਰਕਿਰਿਆ ਵਿੱਚ ਸੁਧਾਰ ਦੀਆਂ ਮੰਗਾਂ ’ਤੇ ਸਰਕਾਰ ਵੱਲੋਂ ਹਾਲੇ ਤੱਕ ਪੂਰੀ ਤਰ੍ਹਾਂ ਕਾਰਵਾਈ ਨਹੀਂ ਕੀਤੀ ਗਈ।






