ਪੰਜਾਬ: ਕਮਿਊਨਿਟੀ ਹੈਲਥ ਅਫਸਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਅਫਸਰਾਂ ਨੇ ਹੜਤਾਲ ਦੇ ਤੀਜੇ ਦਿਨ ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ।
ਐਸੋਸੀਏਸ਼ਨ ਦੇ ਆਗੂਆਂ ਵੀਰਪਾਲ ਕੌਰ, ਕਮਲਪ੍ਰੀਤ ਕੌਰ, ਕਮਲ ਕਲਿਆਣ, ਡਾ. ਵਰਿੰਦਰ ਅਤੇ ਸਿੰਪਲ ਸ਼ਰਮਾ ਨੇ ਕਿਹਾ ਕਿ ਸਰਕਾਰ ਅਤੇ ਵਿਭਾਗ ਵੱਲੋਂ ਮੰਗਾਂ ਸਬੰਧੀ ਠੋਸ ਫ਼ੈਸਲਾ ਨਾ ਲਏ ਜਾਣ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੜਤਾਲ ਕਾਰਨ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਿਲਣ ਵਾਲੀਆਂ ਸੇਵਾਵਾਂ ’ਤੇ ਅਸਰ ਪੈ ਰਿਹਾ ਹੈ।
ਆਗੂਆਂ ਮੁਤਾਬਕ ਪਿੰਡਾਂ ਵਿੱਚ ਰਹਿੰਦੇ ਹਜ਼ਾਰਾਂ ਲੋਕ, ਖ਼ਾਸ ਕਰਕੇ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਹੋਰ ਲੰਬੇ ਸਮੇਂ ਦੀਆਂ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਨੂੰ ਸਮੇਂ ਸਿਰ ਦਵਾਈਆਂ ਅਤੇ ਸਿਹਤ ਸੇਵਾਵਾਂ ਲੈਣ ਵਿੱਚ ਮੁਸ਼ਕਲ ਆ ਰਹੀ ਹੈ। ਉਨ੍ਹਾਂ ਇਸ ਸਥਿਤੀ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਅਣਗਹਿਲੀ ਨੂੰ ਜ਼ਿੰਮੇਵਾਰ ਦੱਸਿਆ।
CHO ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ 5,000 ਰੁਪਏ ਦੇ ਤਨਖ਼ਾਹ ਵਾਧੇ ਦਾ ਭਰੋਸਾ ਦਿੱਤਾ ਗਿਆ ਸੀ, ਪਰ ਇਸ ਰਕਮ ਨੂੰ ਬੇਸਿਕ ਤਨਖ਼ਾਹ ਵਿੱਚ ਸ਼ਾਮਲ ਕਰਨ ਦੀ ਬਜਾਇ ਇਨਸੈਂਟਿਵ ਨਾਲ ਜੋੜ ਦਿੱਤਾ ਗਿਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਬੈਂਚਮਾਰਕ ਨਾਲ ਜੁੜੀਆਂ ਸ਼ਰਤਾਂ ਕਾਰਨ ਕਈ CHO ਇਸ ਲਾਭ ਤੋਂ ਵਾਂਝੇ ਰਹਿ ਸਕਦੇ ਹਨ। ਇਸ ਤੋਂ ਇਲਾਵਾ ਲੌਇਲਟੀ ਬੋਨਸ ਸਮੇਤ ਹੋਰ ਮੰਗਾਂ ’ਤੇ ਵੀ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ।
ਆਗੂਆਂ ਨੇ ਕਿਹਾ ਕਿ ਜਦੋਂ ਤੱਕ 5,000 ਰੁਪਏ ਦਾ ਵਾਧਾ ਬੇਸਿਕ ਤਨਖ਼ਾਹ ਵਿੱਚ ਸਥਾਈ ਤੌਰ ’ਤੇ ਸ਼ਾਮਲ ਨਹੀਂ ਕੀਤਾ ਜਾਂਦਾ, ਲੌਇਲਟੀ ਬੋਨਸ ਜਾਰੀ ਨਹੀਂ ਹੁੰਦਾ ਅਤੇ ਹੋਰ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਐਲਾਨ ਕੀਤਾ ਕਿ 10 ਅਗਸਤ ਨੂੰ ਚੰਡੀਗੜ੍ਹ ਵਿੱਚ ਸੂਬਾ ਪੱਧਰੀ ਧਰਨਾ ਵੀ ਦਿੱਤਾ ਜਾਵੇਗਾ।






