ਰੋਹਤਕ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧ ਸਕਦੀਆਂ ਹਨ। ਸੁਪਰੀਮ ਕੋਰਟ ਨੇ 2002 ਵਿੱਚ ਹੋਏ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰਾਮ ਰਹੀਮ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੰਤਿਮ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ ਹੈ।
ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਮਰਹੂਮ ਪੱਤਰਕਾਰ ਦੇ ਪੁੱਤਰ ਅਰਿੰਦਮ ਛਤਰਪਤੀ ਵੱਲੋਂ ਦਾਇਰ ਸਪੈਸ਼ਲ ਲੀਵ ਪਟੀਸ਼ਨ (SLP) ਨੂੰ ਸਵੀਕਾਰ ਕਰ ਲਿਆ ਹੈ। ਅਦਾਲਤ ਨੇ ਮਾਮਲੇ ਨੂੰ 16 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਵਿੱਚ ਅੰਤਿਮ ਸੁਣਵਾਈ ਲਈ ਸੂਚੀਬੱਧ ਕਰਨ ਦੇ ਨਿਰਦੇਸ਼ ਦਿੱਤੇ ਹਨ।
ਹਾਈ ਕੋਰਟ ਨੇ ਉਮਰ ਕੈਦ ਦੀ ਸਜ਼ਾ ਕੀਤੀ ਸੀ ਰੱਦ
ਰਾਮਚੰਦਰ ਛਤਰਪਤੀ, ਜੋ ਰੋਜ਼ਾਨਾ ਅਖ਼ਬਾਰ ‘ਪੂਰਾ ਸੱਚ’ ਦੇ ਸੰਪਾਦਕ ਸਨ, ਦੀ ਅਕਤੂਬਰ 2002 ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਨਵਰੀ 2019 ਵਿੱਚ ਵਿਸ਼ੇਸ਼ ਸੀਬੀਆਈ ਅਦਾਲਤ ਨੇ ਰਾਮ ਰਹੀਮ ਨੂੰ ਕਤਲ ਦੀ ਸਾਜ਼ਿਸ਼ ਦਾ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਹਾਲਾਂਕਿ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਾਅਦ ਵਿੱਚ ਇਸ ਫੈਸਲੇ ਨੂੰ ਪਲਟਦਿਆਂ ਰਾਮ ਰਹੀਮ ਨੂੰ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦਿਆਂ ਬਰੀ ਕਰ ਦਿੱਤਾ ਸੀ। ਹਾਈ ਕੋਰਟ ਦੇ ਇਸ ਫੈਸਲੇ ਨੂੰ ਰਾਮਚੰਦਰ ਛਤਰਪਤੀ ਦੇ ਪੁੱਤਰ ਅਰਿੰਦਮ ਛਤਰਪਤੀ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਹੁਣ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਦੀ ਅੰਤਿਮ ਸੁਣਵਾਈ ਕੀਤੀ ਜਾਵੇਗੀ, ਜਿਸ ’ਤੇ ਪੀੜਤ ਪਰਿਵਾਰ ਅਤੇ ਮਾਮਲੇ ਨਾਲ ਜੁੜੇ ਪੱਖਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।






