ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੰਗਲਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਕਾਰਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਸ ਨਾਲ ਤਾਪਮਾਨ ਆਮ ਨਾਲੋਂ ਕਰੀਬ 2.8 ਡਿਗਰੀ ਸੈਲਸੀਅਸ ਹੇਠਾਂ ਪਹੁੰਚ ਗਿਆ। ਮੌਸਮ ਵਿਭਾਗ ਨੇ ਅੱਜ ਪਠਾਨਕੋਟ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਨੂੰ ਦੇਖਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਪਠਾਨਕੋਟ, ਮੋਹਾਲੀ ਅਤੇ ਰੂਪਨਗਰ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਸੂਬੇ ਦੇ ਹੋਰ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੰਜਾਬ ਵਿੱਚ 17 ਅਗਸਤ ਤੱਕ ਮੀਂਹ ਦਾ ਦੌਰ ਜਾਰੀ ਰਹਿਣ ਦੀ ਉਮੀਦ ਹੈ।
ਪਿਛਲੇ 24 ਘੰਟਿਆਂ ਦੌਰਾਨ ਪਠਾਨਕੋਟ ਦੇ ਥੀਨ ਡੈਮ ਵਿੱਚ ਸਭ ਤੋਂ ਵੱਧ 46 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਕੇ.ਵੀ.ਕੇ. ਪਠਾਨਕੋਟ ਵਿੱਚ 18 ਮਿਲੀਮੀਟਰ, ਭਾਖੜਾ ਡੈਮ ਰੂਪਨਗਰ ਵਿੱਚ 5.5 ਮਿਲੀਮੀਟਰ ਅਤੇ ਮੋਹਾਲੀ ਵਿੱਚ 1 ਮਿਲੀਮੀਟਰ ਮੀਂਹ ਪਿਆ। ਚੰਡੀਗੜ੍ਹ ਵਿੱਚ 2.5 ਮਿਲੀਮੀਟਰ, ਜਦਕਿ ਹਵਾਈ ਅੱਡੇ ’ਤੇ 4.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।
ਤਾਪਮਾਨ ਦੀ ਗੱਲ ਕਰੀਏ ਤਾਂ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ, ਜਦਕਿ ਚੰਡੀਗੜ੍ਹ ਵਿੱਚ 29.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ ਖੇਤਰ ਵਿੱਚ ਮਾਨਸੂਨ ਟਰੱਫ ਸਰਗਰਮ ਹੈ। ਇਸ ਤੋਂ ਇਲਾਵਾ ਉੱਤਰੀ-ਪੱਛਮੀ ਮੱਧ ਪ੍ਰਦੇਸ਼ ਉੱਪਰ ਬਣੇ ਘੱਟ ਦਬਾਅ ਵਾਲੇ ਖੇਤਰ ਤੋਂ ਨਮੀ ਵਾਲੀਆਂ ਹਵਾਵਾਂ ਪੰਜਾਬ ਵੱਲ ਆ ਰਹੀਆਂ ਹਨ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।






