Thursday, August 13, 2026
Home Punjab Ludhiana ਜਗਰਾਉਂ-ਰਾਏਕੋਟ ਰੋਡ ’ਤੇ ਭਿਆਨਕ ਹਾਦਸਾ, ਛੱਪੜ ’ਚ ਕਾਰ ਡਿੱਗਣ ਨਾਲ 3 ਦੋਸਤਾਂ...

ਜਗਰਾਉਂ-ਰਾਏਕੋਟ ਰੋਡ ’ਤੇ ਭਿਆਨਕ ਹਾਦਸਾ, ਛੱਪੜ ’ਚ ਕਾਰ ਡਿੱਗਣ ਨਾਲ 3 ਦੋਸਤਾਂ ਦੀ ਮੌਤ

0
3

ਲੁਧਿਆਣਾ: ਜਗਰਾਉਂ-ਰਾਏਕੋਟ ਰੋਡ ’ਤੇ ਬੱਸੀਆਂ ਕਸਬੇ ਨੇੜੇ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਕਰੀਬ 1:15 ਵਜੇ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਇੱਕ ਛੱਪੜ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਕਾਰ ਸਵਾਰ ਤਿੰਨ ਕਰੀਬੀ ਦੋਸਤਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬਲਕਾਰ ਸਿੰਘ, ਵਿਸ਼ਾਲ ਅਤੇ ਸੰਦੀਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੇ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ।

ਜਾਣਕਾਰੀ ਮੁਤਾਬਕ ਕਾਰ ਵਿੱਚ ਕੁੱਲ ਪੰਜ ਵਿਅਕਤੀ ਸਵਾਰ ਸਨ, ਜੋ ਨਕੋਦਰ ਤੋਂ ਦਿੜ੍ਹਬਾ ਵੱਲ ਵਾਪਸ ਜਾ ਰਹੇ ਸਨ। ਰਾਏਕੋਟ ਨੇੜੇ ਅਤੇ ਜਗਰਾਉਂ ਤੋਂ ਲਗਭਗ 12 ਕਿਲੋਮੀਟਰ ਦੂਰ ਬੱਸੀਆਂ ਪਿੰਡ ਕੋਲ ਪਹੁੰਚਣ ’ਤੇ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਛੱਪੜ ਵਿੱਚ ਜਾ ਡਿੱਗੀ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ। ਬਚਾਅ ਕਾਰਜ ਦੌਰਾਨ ਛੱਪੜ ਵਿੱਚੋਂ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਪਹੁੰਚਾਈਆਂ ਗਈਆਂ। ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ।

ਕਾਰ ਵਿੱਚ ਸਵਾਰ ਦੋ ਹੋਰ ਵਿਅਕਤੀ ਵੀ ਹਾਦਸੇ ਵਿੱਚ ਜ਼ਖ਼ਮੀ ਹੋਏ ਹਨ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਦੋਵਾਂ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ।

ਪੁਲਿਸ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਨੂੰ ਹਾਦਸੇ ਦਾ ਕਾਰਨ ਮੰਨਿਆ ਜਾ ਰਿਹਾ ਹੈ, ਹਾਲਾਂਕਿ ਅਸਲ ਕਾਰਨਾਂ ਦਾ ਪਤਾ ਪੁਲਿਸ ਜਾਂਚ ਤੋਂ ਬਾਅਦ ਹੀ ਲੱਗੇਗਾ। ਹਾਦਸੇ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨਾਲ ਜੁੜੇ ਲੋਕਾਂ ਵਿੱਚ ਸੋਗ ਦੀ ਲਹਿਰ ਹੈ।

 

LEAVE A REPLY

Please enter your comment!
Please enter your name here