ਸਰਹਿੰਦ: ਸਰਹਿੰਦ ਰੇਲਵੇ ਕਰਾਸਿੰਗ ਨੇੜੇ ਖਾਨਪੁਰ ਫਾਟਕ ਕੋਲ ਮਾਲ ਗੱਡੀ ਦੇ ਰੇਲਵੇ ਟਰੈਕ ‘ਤੇ ਹੋਏ ਬੰਬ ਧਮਾਕੇ ਦੀ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਘਟਨਾ ਸਥਾਨ ਦਾ ਦੌਰਾ ਕਰਨ ਲਈ ਡੀ.ਆਈ.ਜੀ. ਰੋਪੜ ਰੇਂਜ ਨਾਨਕ ਸਿੰਘ, ਐਸ.ਐਸ.ਪੀ. ਫਤਿਹਗੜ੍ਹ ਸਾਹਿਬ ਸਮੇਤ ਹੋਰ ਉੱਚ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀ.ਆਈ.ਜੀ. ਨਾਨਕ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਮੁਤਾਬਕ ਇਹ ਘਟਨਾ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅੰਜਾਮ ਦਿੱਤੀ ਗਈ ਲੱਗਦੀ ਹੈ, ਹਾਲਾਂਕਿ ਪੁਲਿਸ ਹਰ ਪੱਖੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਬੀਤੀ ਰਾਤ ਧਮਾਕੇ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਵੱਖ-ਵੱਖ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਜਾਂਚ ਪ੍ਰਕਿਰਿਆ ਸ਼ੁਰੂ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਪੁਲਿਸ ਹੋਰ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਧਮਾਕੇ ਦੇ ਪਿੱਛੇ ਸ਼ਾਮਲ ਲੋਕਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਧਮਾਕੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਜਦਕਿ ਮਾਲ ਗੱਡੀ ਦੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਹ ਖ਼ਤਰੇ ਤੋਂ ਬਾਹਰ ਹੈ।
ਡੀ.ਆਈ.ਜੀ. ਨੇ ਕਿਹਾ ਕਿ ਧਮਾਕੇ ਨਾਲ ਨਾ ਤਾਂ ਰੇਲਗੱਡੀ ਨੂੰ ਅਤੇ ਨਾ ਹੀ ਰੇਲਵੇ ਟਰੈਕ ਨੂੰ ਕੋਈ ਵੱਡਾ ਨੁਕਸਾਨ ਹੋਇਆ ਹੈ। ਸਥਿਤੀ ਆਮ ਹੋਣ ਤੋਂ ਬਾਅਦ ਜਲਦੀ ਹੀ ਰੇਲ ਆਵਾਜਾਈ ਮੁੜ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਾਂਚ ਹਾਲੇ ਸ਼ੁਰੂਆਤੀ ਪੜਾਅ ਵਿੱਚ ਹੈ, ਇਸ ਲਈ ਇਸ ਵੇਲੇ ਧਮਾਕੇ ਬਾਰੇ ਵਧੇਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਸਕਦੀ।
ਉਨ੍ਹਾਂ ਇਹ ਵੀ ਕਿਹਾ ਕਿ ਗਣਤੰਤਰ ਦਿਵਸ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਪਹਿਲਾਂ ਹੀ ਅਲਰਟ ‘ਤੇ ਹੈ ਅਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ। ਇਲਾਕਿਆਂ ਵਿੱਚ ਨਾਕਾਬੰਦੀਆਂ ਸਖ਼ਤ ਕੀਤੀਆਂ ਜਾਣਗੀਆਂ ਅਤੇ ਮਿਲ ਰਹੀ ਜਾਣਕਾਰੀ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡੀ.ਆਈ.ਜੀ. ਨੇ ਸਪੱਸ਼ਟ ਕੀਤਾ ਕਿ ਇਸ ਘਟਨਾ ਨੂੰ ਅੱਤਵਾਦੀ ਹਮਲਾ ਕਹਿਣਾ ਅਜੇ ਸਮੇਂ ਤੋਂ ਪਹਿਲਾਂ ਹੋਵੇਗਾ, ਪਰ ਇਸਨੂੰ ਇੱਕ ਅਪਰਾਧਿਕ ਘਟਨਾ ਮੰਨ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।







