ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਸਰਗਰਮੀ ਜਾਰੀ ਹੈ। ਅੱਜ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗੀ ਅਤੇ ਇੱਕ-ਦੋ ਵਾਰ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ।
ਮੀਂਹ ਕਾਰਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਨਾਲ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 35.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ ਮਾਨਸੂਨ ਟ੍ਰਾਫ ਇਸ ਸਮੇਂ ਫਿਰੋਜ਼ਪੁਰ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚੋਂ ਲੰਘ ਰਹੀ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸਰਗਰਮ ਬਣਿਆ ਹੋਇਆ ਹੈ। ਕਈ ਇਲਾਕਿਆਂ ਵਿੱਚ ਬੱਦਲਵਾਈ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਕੁਝ ਥਾਵਾਂ ’ਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ।






