ਅੰਮ੍ਰਿਤਸਰ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਨੀਲ ਸ਼ੈੱਟੀ ਆਪਣੇ ਪਰਿਵਾਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਦਰਸ਼ਨਾਂ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਨੀਲ ਸ਼ੈੱਟੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਉਨ੍ਹਾਂ ਨੂੰ ਬੇਹੱਦ ਸ਼ਾਂਤੀ ਅਤੇ ਸਕੂਨ ਮਹਿਸੂਸ ਹੋਇਆ। ਉਨ੍ਹਾਂ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਕੋਲ ਆਪਣੀਆਂ ਭਾਵਨਾਵਾਂ ਨੂੰ ਬਿਆਨ ਕਰਨ ਲਈ ਸ਼ਬਦ ਨਹੀਂ ਹਨ ਅਤੇ ਉਹ ਭਾਵੁਕ ਹੋ ਗਏ।
ਅਦਾਕਾਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦਾ ਪਵਿੱਤਰ ਅਤੇ ਅਧਿਆਤਮਿਕ ਮਾਹੌਲ ਮਨ ’ਤੇ ਡੂੰਘਾ ਪ੍ਰਭਾਵ ਪਾਉਂਦਾ ਹੈ। ਉਨ੍ਹਾਂ ਮੁਤਾਬਕ ਜਦੋਂ ਵੀ ਉਹ ਕਿਸੇ ਧਾਰਮਿਕ ਸਥਾਨ ’ਤੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਇੱਕ ਵੱਖਰੀ ਤਰ੍ਹਾਂ ਦੀ ਸਕਾਰਾਤਮਕ ਊਰਜਾ ਮਹਿਸੂਸ ਹੁੰਦੀ ਹੈ। ਮੱਥਾ ਟੇਕਣ ਤੋਂ ਬਾਅਦ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਇਹ ਅਹਿਸਾਸ ਹੁੰਦਾ ਹੈ ਕਿ ਸਭ ਕੁਝ ਠੀਕ ਹੋ ਜਾਵੇਗਾ।
ਸੁਨੀਲ ਸ਼ੈੱਟੀ ਨੇ ਦੱਸਿਆ ਕਿ 11 ਤਰੀਕ ਨੂੰ ਉਨ੍ਹਾਂ ਦੇ ਵਿਆਹ ਦੀ ਵਰ੍ਹੇਗੰਢ ਸੀ ਅਤੇ ਇਸ ਮੌਕੇ ਅਸ਼ੀਰਵਾਦ ਲੈਣ ਲਈ ਉਹ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਲੋਕ ਵੱਖ-ਵੱਖ ਕਾਰਨਾਂ ਕਰਕੇ ਗੁਰਦੁਆਰਾ ਸਾਹਿਬ ਆਉਂਦੇ ਹਨ, ਪਰ ਇੱਥੋਂ ਸੇਵਾ, ਨਿਮਰਤਾ ਅਤੇ ਸਕਾਰਾਤਮਕ ਸੋਚ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਨਿੱਜੀ ਜੀਵਨ ਵਿੱਚ ਵੀ ਸੇਵਾ ਅਤੇ ਸਕਾਰਾਤਮਕ ਸੋਚ ਨੂੰ ਅਪਣਾਉਣਾ ਚਾਹੀਦਾ ਹੈ।
ਅਦਾਕਾਰ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਉਹ ਨਵੀਂ ਊਰਜਾ ਨਾਲ ਆਪਣੇ ਕੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਦਰਸ਼ਨਾਂ ਦੌਰਾਨ ਉਨ੍ਹਾਂ ਦੇ ਪ੍ਰਸ਼ੰਸਕ ਵੀ ਕਾਫ਼ੀ ਉਤਸ਼ਾਹਿਤ ਨਜ਼ਰ ਆਏ। ਸੁਨੀਲ ਸ਼ੈੱਟੀ ਨੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਸਤਿਕਾਰ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।






