Friday, August 21, 2026
Home Patiala Updates ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਮਹੀਨੇ ਅੰਦਰ ਹੱਲ ਯਕੀਨੀ ਬਣਾਇਆ ਜਾਵੇ: ਅਨਿਲ...

ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਮਹੀਨੇ ਅੰਦਰ ਹੱਲ ਯਕੀਨੀ ਬਣਾਇਆ ਜਾਵੇ: ਅਨਿਲ ਠਾਕੁਰ

0
4

*ਹਰੇਕ ਜ਼ਿਲ੍ਹੇ ਨੂੰ 2 ਕਰੋੜ ਰੁਪਏ ਦੇ ਫੰਡ ਜਾਰੀ, ਵਪਾਰੀਆਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ*

*ਮੁੱਖ ਮੰਤਰੀ ਵੱਲੋਂ ਪੰਜਾਬ ਸਟੇਟ ਟਰੇਡਰ ਕਮਿਸ਼ਨ ਦਾ ਗਠਨ ਇੱਕ ਅਹਿਮ ਉਪਰਾਲਾ- ਵਾਈਸ ਚੇਅਰਪਰਸਨ*

ਪਟਿਆਲਾ: ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਹਲਕਿਆਂ ਦੇ ਵਪਾਰੀਆਂ ਦੀਆਂ ਸ਼ਿਕਾਇਤਾਂ ਸੰਬਧੀ ਰੀਵਿਊ ਮੀਟਿੰਗ ਕਰਦਿਆਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੇ ਸਟੇਟ ਪ੍ਰੈਜ਼ੀਡੈਂਟ, ਟਰੇਡ ਵਿੰਗ, ਸ੍ਰੀ ਅਨਿਲ ਠਾਕੁਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਲਗਭਗ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਰਹਿੰਦੀਆਂ ਸ਼ਿਕਾਇਤਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

ਵਾਈਸ ਚੇਅਰਪਰਸਨ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਲਈ 40 ਕਰੋੜ ਰੁਪਏ ਦੇ ਫੰਡ ਮੁਹੱਈਆ ਕਰਵਾਏ ਗਏ ਹਨ, ਜਦਕਿ ਹਰੇਕ ਜ਼ਿਲ੍ਹੇ ਨੂੰ 2 ਕਰੋੜ ਰੁਪਏ ਦਿੱਤੇ ਗਏ ਹਨ। ਇਨ੍ਹਾਂ ਫੰਡਾਂ ਰਾਹੀਂ ਵਪਾਰੀਆਂ ਨਾਲ ਸਬੰਧਤ ਬਿਜਲੀ ਦੇ ਟਰਾਂਸਫਾਰਮਰ, ਲਟਕਦੀਆਂ ਬਿਜਲੀ ਦੀਆਂ ਤਾਰਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦਾ ਗਠਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ ਇੱਕ ਅਹਿਮ ਉਪਰਾਲਾ ਹੈ। ਇਸ ਰਾਹੀਂ ਵਪਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸਰਕਾਰ ਤੱਕ ਪਹੁੰਚਾਉਣ ਲਈ ਇੱਕ ਪ੍ਰਭਾਵਸ਼ਾਲੀ ਮੰਚ ਮਿਲਿਆ ਹੈ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਅਗਲੇ ਇੱਕ ਮਹੀਨੇ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਜਿਨ੍ਹਾਂ ਹਲਕਿਆਂ ਵਿੱਚ ਪ੍ਰਗਤੀ ਰਿਪੋਰਟ ਤਸੱਲੀਬਖਸ਼ ਨਹੀਂ ਪਾਈ ਗਈ, ਉਨ੍ਹਾਂ ਨੂੰ ਇੱਕ ਮਹੀਨੇ ਦੇ ਅੰਦਰ ਬਕਾਇਆ ਸ਼ਿਕਾਇਤਾਂ ਦਾ ਨਿਪਟਾਰਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ।

ਸ੍ਰੀ ਅਨਿਲ ਠਾਕੁਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ।

ਇਸ ਮੌਕੇ ਮੈਂਬਰ ਪੰਜਾਬ ਟ੍ਰੇਡ ਕਮਿਸ਼ਨ ਪੰਜਾਬ ਸੰਜੀਵ ਗੁਪਤਾ, ਵਾਈਸ ਚੇਅਰਮੈਨ ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਗੁਰਪ੍ਰੀਤ ਸਿੰਘ ਧਮੋਲੀ, ਜ਼ਿਲ੍ਹਾ ਚੇਅਰਮੈਨ ਵਿਨੋਦ ਸਿੰਗਲਾ, ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here