ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜ਼ਿਲ੍ਹੇ ਦੇ ਪਿੰਡ ਜਡੌਲਾ ਵਿੱਚ ਗੁਰੂ ਰਵਿਦਾਸ ਜੀ ਦੀ ਮੂਰਤੀ ਸਥਾਪਨਾ ਸਮਾਰੋਹ ਵਿੱਚ ਸ਼ਿਰਕਤ ਕੀਤੀ। ਸਮਾਗਮ ਦੌਰਾਨ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਦੀਆਂ ਤੋਂ ਮਨੁੱਖਤਾ ਨੂੰ ਸਹੀ ਮਾਰਗ ਦਿਖਾਉਂਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸਮਾਜ ਵਿੱਚ ਬਰਾਬਰੀ, ਭਾਈਚਾਰੇ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਗੁਰੂ ਰਵਿਦਾਸ ਜਨ ਕਲਿਆਣ ਕਮੇਟੀ ਲਈ 31 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ।
ਸਮਾਗਮ ਵਿੱਚ ਸਾਬਕਾ ਸੰਸਦ ਮੈਂਬਰ ਈਸ਼ਵਰ ਸਿੰਘ, ਭਾਜਪਾ ਪ੍ਰਦੇਸ਼ ਸਕੱਤਰ ਸੱਤ ਪ੍ਰਕਾਸ਼ ਜਰਾਵਤਾ, ਸੂਬਾ ਮੀਤ ਪ੍ਰਧਾਨ ਅਸ਼ੋਕ ਗੁੱਜਰ ਅਤੇ ਜ਼ਿਲ੍ਹਾ ਪ੍ਰਧਾਨ ਜੋਤੀ ਸੈਣੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।






