Tuesday, August 25, 2026
Home National ਪੰਜਾਬ ਦੇ ਸਕੂਲਾਂ ’ਤੇ ਕੇਜਰੀਵਾਲ ਦਾ BJP ਨੂੰ ਚੈਲੇਂਜ, ਕਿਹਾ- ‘ਗੁਜਰਾਤ ਤੇ...

ਪੰਜਾਬ ਦੇ ਸਕੂਲਾਂ ’ਤੇ ਕੇਜਰੀਵਾਲ ਦਾ BJP ਨੂੰ ਚੈਲੇਂਜ, ਕਿਹਾ- ‘ਗੁਜਰਾਤ ਤੇ ਪੰਜਾਬ ਦੇ 1000-1000 ਸਕੂਲਾਂ ਦੀ ਜਾਂਚ ਕਰਵਾ ਲਓ’

0
2
kejriwal

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਭਾਜਪਾ ਵੱਲੋਂ ਕਥਿਤ ਤੌਰ ’ਤੇ ਪੁਰਾਣੀਆਂ ਵੀਡੀਓਜ਼ ਅਤੇ ਗਲਤ ਜਾਣਕਾਰੀ ਪ੍ਰਚਾਰਿਤ ਕਰਨ ਦੇ ਦੋਸ਼ ਲਗਾਉਂਦਿਆਂ ਤਿੱਖਾ ਪਲਟਵਾਰ ਕੀਤਾ ਹੈ। ਉਨ੍ਹਾਂ ਭਾਜਪਾ ਨੂੰ ਚੁਣੌਤੀ ਦਿੱਤੀ ਕਿ ਗੁਜਰਾਤ ਅਤੇ ਪੰਜਾਬ ਦੇ 1,000-1,000 ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕੀਤੀ ਜਾਵੇ ਅਤੇ ਮੀਡੀਆ ਤੇ ਲੋਕਾਂ ਦੀ ਮੌਜੂਦਗੀ ਵਿੱਚ ਦੋਵਾਂ ਸੂਬਿਆਂ ਦੇ ਸਕੂਲਾਂ ਦਾ ਸਾਂਝਾ ਮੁਆਇਨਾ ਕਰਵਾਇਆ ਜਾਵੇ।

ਮੰਗਲਵਾਰ ਨੂੰ ਵੀਡੀਓ ਜਾਰੀ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਵਿੱਚ ਭਾਜਪਾ ਦੀ ਸਰਕਾਰ ਨੂੰ ਲੰਮਾ ਸਮਾਂ ਹੋ ਗਿਆ ਹੈ, ਜਦਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰੀਬ ਸਾਢੇ ਚਾਰ ਸਾਲ ਹੋਏ ਹਨ। ਉਨ੍ਹਾਂ ਕਿਹਾ ਕਿ ਸਾਂਝੇ ਮੁਆਇਨੇ ਰਾਹੀਂ ਇਹ ਸਪੱਸ਼ਟ ਹੋ ਜਾਵੇਗਾ ਕਿ ਕਿਸ ਸੂਬੇ ਦੇ ਸਰਕਾਰੀ ਸਕੂਲ ਬਿਹਤਰ ਹਨ।

ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਲਗਭਗ 19,700 ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚੋਂ ਕਰੀਬ 19,200 ਸਕੂਲਾਂ ਵਿੱਚ ਸੁਧਾਰ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਲਗਭਗ 500 ਸਕੂਲਾਂ ਵਿੱਚ ਵੀ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਧਿਆਪਕਾਂ, ਪ੍ਰਿੰਸੀਪਲਾਂ, ਮਾਪਿਆਂ ਅਤੇ ਲੋਕਾਂ ਦੇ ਸਹਿਯੋਗ ਨਾਲ ਸਕੂਲਾਂ ਦੀ ਹਾਲਤ ਸੁਧਾਰਨ ਲਈ ਕੰਮ ਕੀਤਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰੀ ਸਕੂਲਾਂ ਦੀ ਸਿੱਖਿਆ ਦੇ ਮਾਮਲੇ ਵਿੱਚ ਦੇਸ਼ ਵਿੱਚ ਪਹਿਲੇ ਸਥਾਨ ’ਤੇ ਹੈ। ਕੇਜਰੀਵਾਲ ਨੇ ਕਿਹਾ ਕਿ ਇਹ ਦਾਅਵਾ ਨੀਤੀ ਆਯੋਗ ਦੀ ਰਿਪੋਰਟ ਦੇ ਹਵਾਲੇ ਨਾਲ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਮੁਤਾਬਕ 2022 ਵਿੱਚ ਪੰਜਾਬ ਦੀ ਸਥਿਤੀ ਕਾਫ਼ੀ ਹੇਠਾਂ ਸੀ, ਪਰ ਹੁਣ ਸੂਬੇ ਨੇ ਕੇਰਲ ਨੂੰ ਵੀ ਪਿੱਛੇ ਛੱਡ ਦਿੱਤਾ ਹੈ।

ਕੇਜਰੀਵਾਲ ਨੇ ਭਾਜਪਾ ’ਤੇ 2018 ਦੀਆਂ ਪੁਰਾਣੀਆਂ ਵੀਡੀਓਜ਼ ਨੂੰ ਮੌਜੂਦਾ ਸਮੇਂ ਦੀਆਂ ਦੱਸ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਬਦਨਾਮ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਉਸ ਸਮੇਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ ਅਤੇ ਬਾਅਦ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਕੂਲਾਂ ਵਿੱਚ ਸੁਧਾਰ ਕੀਤੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਅਤ ਸਕੂਲਾਂ ਨੂੰ ਬਿਹਤਰ ਬਣਾਉਣ ਦੀ ਹੈ ਅਤੇ ਜੇਕਰ ਕਿਸੇ ਸਕੂਲ ਵਿੱਚ ਕਮੀ ਦੱਸੀ ਜਾਂਦੀ ਹੈ ਤਾਂ ਸਰਕਾਰ ਉਸ ਨੂੰ ਠੀਕ ਕਰਨ ਲਈ ਤਿਆਰ ਹੈ। ਉਨ੍ਹਾਂ ਇਸ ਸਬੰਧੀ ਇੱਕ ਸਕੂਲ ਬਾਰੇ ਸੋਸ਼ਲ ਮੀਡੀਆ ’ਤੇ ਕੀਤੀ ਗਈ ਸ਼ਿਕਾਇਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਤੁਰੰਤ ਗ੍ਰਾਂਟ ਜਾਰੀ ਕੀਤੀ ਗਈ ਸੀ।

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਸਿਰਫ਼ ਸਰਕਾਰ ਦੀ ਕੋਸ਼ਿਸ਼ ਨਾਲ ਨਹੀਂ ਹੋਇਆ, ਸਗੋਂ ਅਧਿਆਪਕਾਂ, ਪ੍ਰਿੰਸੀਪਲਾਂ, ਮਾਪਿਆਂ, ਵਿਦਿਆਰਥੀਆਂ ਅਤੇ ਪੰਜਾਬ ਦੇ ਲੋਕਾਂ ਨੇ ਵੀ ਇਸ ਵਿੱਚ ਯੋਗਦਾਨ ਪਾਇਆ ਹੈ। ਉਨ੍ਹਾਂ ਭਾਜਪਾ ਨੂੰ ਅਪੀਲ ਕੀਤੀ ਕਿ ਪੁਰਾਣੀਆਂ ਵੀਡੀਓਜ਼ ਜਾਂ ਕਥਿਤ AI ਤਸਵੀਰਾਂ ਰਾਹੀਂ ਸਕੂਲਾਂ ਨੂੰ ਬਦਨਾਮ ਨਾ ਕੀਤਾ ਜਾਵੇ।

ਅੰਤ ਵਿੱਚ ਕੇਜਰੀਵਾਲ ਨੇ ਮੁੜ ਭਾਜਪਾ ਨੂੰ 1,000-1,000 ਸਕੂਲਾਂ ਦੀ ਸੂਚੀ ਜਾਰੀ ਕਰਨ ਦਾ ਚੈਲੇਂਜ ਦਿੰਦਿਆਂ ਕਿਹਾ ਕਿ ਮੀਡੀਆ ਅਤੇ ਲੋਕਾਂ ਦੀ ਮੌਜੂਦਗੀ ਵਿੱਚ ਗੁਜਰਾਤ ਅਤੇ ਪੰਜਾਬ ਦੇ ਸਕੂਲਾਂ ਦੀ ਸਾਂਝੀ ਜਾਂਚ ਕਰਵਾਈ ਜਾਵੇ, ਤਾਂ ਜੋ ਸਿੱਖਿਆ ਦੇ ਖੇਤਰ ਵਿੱਚ ਦੋਵਾਂ ਸੂਬਿਆਂ ਦੀ ਅਸਲ ਸਥਿਤੀ ਸਾਹਮਣੇ ਆ ਸਕੇ।

LEAVE A REPLY

Please enter your comment!
Please enter your name here