ਅਮਰੀਕਾ: ਅਮਰੀਕਾ ਦੇ ਮਿਨੀਆਪੋਲਿਸ ਸ਼ਹਿਰ ਵਿੱਚ ਇਮੀਗ੍ਰੇਸ਼ਨ ਕਾਰਵਾਈ ਦੌਰਾਨ ਸੰਘੀ ਏਜੰਟਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਇੱਕ 51 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਘਟਨਾ 25 ਜਨਵਰੀ 2026 ਨੂੰ ਵਾਪਰੀ, ਜਿਸ ਤੋਂ ਬਾਅਦ ਡੋਨਾਲਡ ਟਰੰਪ ਪ੍ਰਸ਼ਾਸਨ ਦੀਆਂ ਇਮੀਗ੍ਰੇਸ਼ਨ ਨੀਤੀਆਂ ਅਤੇ ਸੰਘੀ ਏਜੰਟਾਂ ਦੀ ਕਾਰਜਪ੍ਰਣਾਲੀ ‘ਤੇ ਸਵਾਲ ਖੜ੍ਹੇ ਹੋ ਗਏ ਹਨ।
ਮਿਨੀਸੋਟਾ ਦੇ ਗਵਰਨਰ ਟਿਮ ਵਾਲਜ਼ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਟਰੰਪ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਸ ਤਰ੍ਹਾਂ ਦੀਆਂ ਹਿੰਸਕ ਕਾਰਵਾਈਆਂ ਨੂੰ ਤੁਰੰਤ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਸੰਘੀ ਏਜੰਟਾਂ ਦੀ ਕਾਰਵਾਈ ਨੇ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਡਿਪਾਰਟਮੈਂਟ ਆਫ਼ ਹੋਮਲੈਂਡ ਸਿਕਿਉਰਿਟੀ (DHS) ਦੇ ਮੁਤਾਬਕ, ਮ੍ਰਿਤਕ ਵਿਅਕਤੀ ਕੋਲ ਇੱਕ ਹਥਿਆਰ ਅਤੇ ਦੋ ਜ਼ਿੰਦਾ ਕਾਰਤੂਸ ਮੌਜੂਦ ਸਨ। ਜਖ਼ਮੀ ਹਾਲਤ ਵਿੱਚ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।
ਗਵਰਨਰ ਟਿਮ ਵਾਲਜ਼ ਨੇ ਸੰਘੀ ਏਜੰਟਾਂ ਨੂੰ “ਗੈਰ-ਸਿਖਿਅਤ ਅਤੇ ਹਿੰਸਕ” ਕਰਾਰ ਦਿੰਦਿਆਂ ਵ੍ਹਾਈਟ ਹਾਊਸ ਨੂੰ ਮਿਨੀਸੋਟਾ ਤੋਂ ਇਨ੍ਹਾਂ ਏਜੰਟਾਂ ਨੂੰ ਵਾਪਸ ਬੁਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਟਰੰਪ ਪ੍ਰਸ਼ਾਸਨ ਦੀ ਇਮੀਗ੍ਰੇਸ਼ਨ ਮੁਹਿੰਮ ਦੌਰਾਨ ਕਿਸੇ ਦੀ ਜਾਨ ਗਈ ਹੋਵੇ।
ਇਸ ਤੋਂ ਪਹਿਲਾਂ ਵੀ ਇੱਕ ਮਾਮਲੇ ਵਿੱਚ ਰੇਨੀ ਗੁੱਡ ਨਾਮ ਦੀ ਤਿੰਨ ਬੱਚਿਆਂ ਦੀ ਮਾਂ ਨੂੰ ICE ਅਧਿਕਾਰੀ ਵੱਲੋਂ ਗੋਲੀ ਮਾਰ ਦਿੱਤੀ ਗਈ ਸੀ। ਉਸ ਸਮੇਂ ਅਧਿਕਾਰੀਆਂ ਨੇ ਦਾਅਵਾ ਕੀਤਾ ਸੀ ਕਿ ਮਹਿਲਾ ਨੇ ਆਪਣੀ ਕਾਰ ਨਾਲ ਏਜੰਟ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਸੀ।
ਇਨ੍ਹਾਂ ਘਟਨਾਵਾਂ ਤੋਂ ਬਾਅਦ ਅਮਰੀਕਾ ਭਰ ਵਿੱਚ ਟਰੰਪ ਵਿਰੋਧੀ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਸੋਸ਼ਲ ਮੀਡੀਆ ‘ਤੇ ਵੀ ਸੰਘੀ ਏਜੰਟਾਂ ਨੂੰ ਦਿੱਤੀ ਗਈ ਖੁੱਲ੍ਹ ਦੀ ਤਿੱਖੀ ਆਲੋਚਨਾ ਹੋ ਰਹੀ ਹੈ।
ਜਿੱਥੇ ਇੱਕ ਪਾਸੇ ਵਿਰੋਧੀ ਧਿਰ ਅਤੇ ਕਈ ਰਾਜਾਂ ਦੇ ਗਵਰਨਰ ਇਨ੍ਹਾਂ ਕਾਰਵਾਈਆਂ ਨੂੰ ਘਿਣਾਉਣੀਆਂ ਦੱਸ ਰਹੇ ਹਨ, ਉੱਥੇ ਹੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨੇ ਸੰਘੀ ਅਧਿਕਾਰੀਆਂ ਦਾ ਸਮਰਥਨ ਕੀਤਾ ਹੈ। ਹਾਲਾਤਾਂ ਨੂੰ ਦੇਖਦੇ ਹੋਏ ਮਿਨੀਆਪੋਲਿਸ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ ਤਾਂ ਜੋ ਕਿਸੇ ਵੀ ਹਿੰਸਕ ਪ੍ਰਦਰਸ਼ਨ ਤੋਂ ਬਚਿਆ ਜਾ ਸਕੇ।







