ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਸੂਬਾ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਪੰਜਾਬ ਦੀਆਂ ਧੀਆਂ ਅਤੇ ਭੈਣਾਂ ਦੇ ਸਨਮਾਨ ਤੇ ਸੁਰੱਖਿਆ ਲਈ ਸਰਕਾਰ ਹਮੇਸ਼ਾ ਡਟ ਕੇ ਕੰਮ ਕਰੇਗੀ।
ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਭ ਨੂੰ ਲੱਖ-ਲੱਖ ਮੁਬਾਰਕਾਂ। ਉਨ੍ਹਾਂ ਕਿਹਾ ਕਿ ਭੈਣਾਂ ਵੱਲੋਂ ਮਿਲੇ ਅਥਾਹ ਪਿਆਰ ਅਤੇ ਅਸੀਸਾਂ ਸਦਕਾ ਉਨ੍ਹਾਂ ਦਾ ਪੱਕਾ ਇਰਾਦਾ ਹੈ ਕਿ ਪੰਜਾਬ ਦੀਆਂ ਧੀਆਂ-ਭੈਣਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਹਮੇਸ਼ਾ ਕੰਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਭਲਾਈ ਲਈ ਸਰਕਾਰ ਦੀ ਇਮਾਨਦਾਰ ਸੋਚ ਅਤੇ ਵਚਨਬੱਧਤਾ ਹਮੇਸ਼ਾ ਸਮਰਪਿਤ ਰਹੇਗੀ।
ਰੱਖੜ ਪੁੰਨਿਆ ਅਤੇ ਬਾਬਾ ਬਕਾਲਾ ਸਾਹਿਬ ਜੋੜ ਮੇਲੇ ਦੀਆਂ ਵੀ ਦਿੱਤੀਆਂ ਵਧਾਈਆਂ
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੱਖੜ ਪੁੰਨਿਆ ਅਤੇ ਬਾਬਾ ਬਕਾਲਾ ਸਾਹਿਬ ਦੇ ਇਤਿਹਾਸਕ ਜੋੜ ਮੇਲੇ ਮੌਕੇ ਸਮੂਹ ਸੰਗਤਾਂ ਨੂੰ ਵੀ ਵਧਾਈਆਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਨੂੰ ਉਹ ਪ੍ਰਣਾਮ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਖ਼ੁਸ਼ਹਾਲੀ ਨੂੰ ਹਮੇਸ਼ਾ ਕਾਇਮ ਰੱਖਣਾ ਹੀ ਸਰਕਾਰ ਦੀ ਸੋਚ ਹੈ।
ਉਨ੍ਹਾਂ ਅਰਦਾਸ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਸਭ ’ਤੇ ਆਪਣੀ ਮਿਹਰ ਬਣਾਈ ਰੱਖਣ ਅਤੇ ਸਭ ਦਾ ਭਲਾ ਕਰਨ।






