ਪਟਿਆਲਾ: ਪੰਜਾਬੀ ਯੂਨੀਵਰਸਿਟੀ ਵੱਲੋਂ ਸੈਸ਼ਨ 2026-27 ਲਈ ਫੀਸਾਂ ਵਿੱਚ ਕੀਤਾ ਗਿਆ ਹਾਲੀਆ ਵਾਧਾ ਪੂਰੀ ਤਰ੍ਹਾਂ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਅਥਾਰਿਟੀ ਦੇ ਉੱਚ ਅਧਿਕਾਰੀਆਂ ਦੀ ਅਹਿਮ ਮੀਟਿੰਗ ਦੌਰਾਨ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ।
ਇਸ ਫੈਸਲੇ ਤਹਿਤ ਟਿਊਸ਼ਨ/ਕੋਰਸ ਫੀਸ, ਰਜਿਸਟ੍ਰੇਸ਼ਨ ਫੀਸ ਅਤੇ ਹੋਸਟਲ ਫੀਸ ਵਿੱਚ ਕੀਤਾ ਗਿਆ ਸਮੁੱਚਾ ਵਾਧਾ ਵਾਪਸ ਲੈ ਲਿਆ ਗਿਆ ਹੈ। ਹੁਣ 2026-27 ਦੇ ਅਕਾਦਮਿਕ ਸੈਸ਼ਨ ਦੌਰਾਨ ਫੀਸਾਂ ਦਾ ਢਾਂਚਾ ਪਿਛਲੇ ਸੈਸ਼ਨ ਵਾਂਗ ਹੀ ਰਹੇਗਾ।
ਉਪ-ਕੁਲਪਤੀ ਨੇ ਕਿਹਾ ਕਿ ਵਿਦਿਆਰਥੀ ਨੁਮਾਇੰਦਿਆਂ ਅਤੇ ਹੋਰ ਹਿੱਸੇਦਾਰਾਂ ਵੱਲੋਂ ਫੀਸ ਵਾਧੇ ਸਬੰਧੀ ਪ੍ਰਗਟਾਈਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਵਿਚਾਰਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਯੂਨੀਵਰਸਿਟੀ ਦਾ ਉਦੇਸ਼ ਖੇਤਰ ਦੇ ਲੋਕਾਂ ਨੂੰ ਪਹੁੰਚਯੋਗ ਅਤੇ ਕਿਫਾਇਤੀ ਉੱਚ ਸਿੱਖਿਆ ਮੁਹੱਈਆ ਕਰਵਾਉਣਾ ਹੈ।
ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਭਾਵੇਂ ਗੰਭੀਰ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ, ਪਰ ਵਿਦਿਆਰਥੀਆਂ ਦੀ ਭਲਾਈ ਅਤੇ ਅਕਾਦਮਿਕ ਹਿੱਤ ਸਭ ਤੋਂ ਵੱਡੀ ਤਰਜੀਹ ਹਨ। ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਯੋਗ ਵਿਦਿਆਰਥੀ ਆਰਥਿਕ ਮੁਸ਼ਕਲਾਂ ਕਾਰਨ ਮਿਆਰੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ।






