Tuesday, September 1, 2026
Home Patiala Updates ਸਿਹਤ ਮੰਤਰੀ ਨੇ ਮੇਅਰ , ਡੀ ਸੀ ਅਤੇ ਵਧੀਕ ਕਮਿਸ਼ਨਰ ਨਾਲ ਸਫਾਈ...

ਸਿਹਤ ਮੰਤਰੀ ਨੇ ਮੇਅਰ , ਡੀ ਸੀ ਅਤੇ ਵਧੀਕ ਕਮਿਸ਼ਨਰ ਨਾਲ ਸਫਾਈ ਮੁਹਿੰਮ ਦੀ ਕੀਤੀ ਅਗਵਾਈ

0
5

ਪਟਿਆਲਾ, 31 ਅਗਸਤ:

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ “ਮਿਸ਼ਨ ਕਲੀਨ ਪੰਜਾਬ” ਮੁਹਿੰਮ ਤਹਿਤ ਅੱਜ ਤੀਜੇ ਦਿਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਨੇੜੇ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਕੂੜਾ ਡਸਟਬਿਨ ਵਿੱਚ ਪਾਉਣ ਅਤੇ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਵਧੀਕ ਕਮਿਸ਼ਨਰ ਨਗਰ ਨਿਗਮ ਸਿਮਰਪ੍ਰੀਤ ਕੌਰ ਵੀ ਮੌਜੂਦ ਸਨ।

ਸਫ਼ਾਈ ਮੁਹਿੰਮ ਦੌਰਾਨ ਡਾ. ਬਲਬੀਰ ਸਿੰਘ ਨੇ ਖ਼ੁਦ ਸਫ਼ਾਈ ਕਾਰਜਾਂ ਵਿੱਚ ਹਿੱਸਾ ਲੈਂਦਿਆਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਜੀਵਨ ਲਈ ਬਹੁਤ ਜ਼ਰੂਰੀ ਹੈ ਅਤੇ ਸਫ਼ਾਈ ਨੂੰ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਾ ਸਮਝਦੇ ਹੋਏ ਹਰੇਕ ਨਾਗਰਿਕ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਸੜਕਾਂ, ਜਨਤਕ ਥਾਵਾਂ ਅਤੇ ਖੁੱਲ੍ਹੇ ਵਿੱਚ ਸੁੱਟਣ ਦੀ ਬਜਾਏ ਨਿਰਧਾਰਤ ਡਸਟਬਿਨ ਵਿੱਚ ਹੀ ਪਾਉਣ। ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਵਰਤੋਂ ਘਟਾ ਕੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿੱਚ ਹਰ ਨਾਗਰਿਕ ਆਪਣੀ ਅਹਿਮ ਭੂਮਿਕਾ ਨਿਭਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਦਾ ਮੰਤਵ ਸਿਰਫ਼ ਸਫ਼ਾਈ ਕਰਨਾ ਹੀ ਨਹੀਂ, ਸਗੋਂ ਲੋਕਾਂ ਵਿੱਚ ਸਫ਼ਾਈ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਪੰਜਾਬ ਨੂੰ ਸਾਫ਼, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।

ਇਸ ਮੁਹਿੰਮ ਦੌਰਾਨ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਨੌਜਵਾਨ ਪੀੜ੍ਹੀ ਨੂੰ ਵਾਤਾਵਰਣ ਅਤੇ ਸਫ਼ਾਈ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਵਿਦਿਆਰਥੀਆਂ ਨੇ ਵੀ ਲੋਕਾਂ ਨੂੰ ਆਲਾ-ਦੁਆਲਾ ਸਾਫ਼ ਰੱਖਣ ਅਤੇ ਸਿੰਗਲ-ਯੂਜ਼ ਪਲਾਸਟਿਕ ਦਾ ਤਿਆਗ ਕਰਨ ਦਾ ਸੁਨੇਹਾ ਦਿੱਤਾ। ਵਿਦਿਆਰਥੀਆਂ ਦੇ ਇਸ ਜਜ਼ਬੇ ਦੀ ਸ਼ਲਾਘਾ ਕਰਦਿਆਂ ਮੰਤਰੀ ਸਾਹਿਬਾਨ ਤੇ ਅਧਿਕਾਰੀਆਂ ਨੇ ਕਿਹਾ ਕਿ ਜਦੋਂ ਬੱਚੇ ਅਤੇ ਨੌਜਵਾਨ ਕਿਸੇ ਸਮਾਜਿਕ ਬਦਲਾਅ ਦੀ ਮੁਹਿੰਮ ਨਾਲ ਜੁੜਦੇ ਹਨ, ਤਾਂ ਉਹ ਮਿਸ਼ਨ ਇੱਕ ਵੱਡੀ ਜਨ-ਲਹਿਰ ਦਾ ਰੂਪ ਧਾਰਨ ਕਰ ਲੈਂਦਾ ਹੈ।

ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਵਿਰਕ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here