ਇਸਲਾਮਾਬਾਦ: ਪਾਕਿਸਤਾਨ ਦੀ ਇਸਲਾਮਾਬਾਦ ਹਾਈ ਕੋਰਟ ਨੇ ਮੰਗਲਵਾਰ ਨੂੰ ਜੇਲ੍ਹ ਅਧਿਕਾਰੀਆਂ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਇਕਾਂਤ ਕੈਦ ਵਿੱਚ ਨਾ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਦੋਵੇਂ ਇਸ ਸਮੇਂ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ।
ਜਸਟਿਸ ਖਾਦਿਮ ਹੁਸੈਨ ਸੂਮਰੋ ਨੇ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਦੀ ਕਥਿਤ ਇਕਾਂਤ ਕੈਦ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਣਵਾਈ ਯੋਗ ਮੰਨਦਿਆਂ ਇਹ ਹੁਕਮ ਜਾਰੀ ਕੀਤੇ। ਅਦਾਲਤ ਨੇ ਕਿਹਾ ਕਿ ਇਮਰਾਨ ਖਾਨ ਦੇ ਪਰਿਵਾਰਕ ਮੈਂਬਰਾਂ ਨੂੰ ਜੇਲ੍ਹ ਨਿਯਮਾਂ ਅਨੁਸਾਰ ਉਨ੍ਹਾਂ ਨਾਲ ਮੁਲਾਕਾਤ ਦੀ ਇਜਾਜ਼ਤ ਦਿੱਤੀ ਜਾਵੇ।
ਇਸ ਤੋਂ ਇਲਾਵਾ ਜੇਲ੍ਹ ਪ੍ਰਸ਼ਾਸਨ ਨੂੰ ਇਮਰਾਨ ਖਾਨ ਲਈ ਉਨ੍ਹਾਂ ਦੇ ਪੁੱਤਰਾਂ ਨਾਲ ਫੋਨ ’ਤੇ ਗੱਲਬਾਤ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਅਦਾਲਤ ਨੇ ਅਦਿਆਲਾ ਜੇਲ੍ਹ ਪ੍ਰਸ਼ਾਸਨ ਨੂੰ ਰੋਜ਼ਾਨਾ ਅਖ਼ਬਾਰ ਅਤੇ ਕਿਤਾਬਾਂ ਮੁਹੱਈਆ ਕਰਵਾਉਣ ਦੇ ਨਾਲ ਜੇਲ੍ਹ ਨਿਯਮਾਂ ਅਨੁਸਾਰ ਡਾਕਟਰੀ ਸਹੂਲਤਾਂ ਦੇਣ ਲਈ ਵੀ ਕਿਹਾ ਹੈ।
ਅਦਾਲਤ ਨੇ ਜੇਲ੍ਹ ਸੁਪਰਡੈਂਟ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ 15 ਦਿਨਾਂ ਦੇ ਅੰਦਰ ਪਾਲਣਾ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਇਮਰਾਨ ਖਾਨ ਅਗਸਤ 2023 ਤੋਂ ਜੇਲ੍ਹ ਵਿੱਚ ਹਨ। ਉਨ੍ਹਾਂ ਅਤੇ ਉਨ੍ਹਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (PTI) ਨੇ ਆਪਣੇ ਖ਼ਿਲਾਫ਼ ਦਰਜ ਮਾਮਲਿਆਂ ਨੂੰ ਰਾਜਨੀਤਿਕ ਤੌਰ ’ਤੇ ਪ੍ਰੇਰਿਤ ਦੱਸਿਆ ਹੈ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਵੱਲੋਂ ਲਗਾਤਾਰ ਦੋਸ਼ ਲਗਾਏ ਜਾਂਦੇ ਰਹੇ ਹਨ ਕਿ ਉਨ੍ਹਾਂ ਨੂੰ ਪਰਿਵਾਰ ਨਾਲ ਮੁਲਾਕਾਤ ਅਤੇ ਢੁਕਵੀਂ ਡਾਕਟਰੀ ਸਹੂਲਤਾਂ ਨਹੀਂ ਮਿਲ ਰਹੀਆਂ। ਸਰਕਾਰ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦੀ ਰਹੀ ਹੈ।
ਇਮਰਾਨ ਖਾਨ ਦੀ ਸਿਹਤ ਦਾ ਮਾਮਲਾ ਵੀ ਸੁਪਰੀਮ ਕੋਰਟ ’ਚ
ਇਸ ਦੌਰਾਨ ਇਮਰਾਨ ਖਾਨ ਦੀ ਭੈਣ ਉਜ਼ਮਾ ਖਾਨ ਵੱਲੋਂ ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਦਾਇਰ ਮਾਣਹਾਨੀ ਪਟੀਸ਼ਨ ’ਤੇ ਜਲਦੀ ਸੁਣਵਾਈ ਦੀ ਮੰਗ ਨੂੰ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਮਾਮਲੇ ਦੀ ਸੁਣਵਾਈ ਹੁਣ 16 ਸਤੰਬਰ ਨੂੰ ਹੋਵੇਗੀ।
ਉਜ਼ਮਾ ਖਾਨ ਨੇ ਦੋਸ਼ ਲਗਾਇਆ ਸੀ ਕਿ ਅਧਿਕਾਰੀਆਂ ਨੇ ਸੁਪਰੀਮ ਕੋਰਟ ਦੇ 18 ਅਗਸਤ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਅਦਾਲਤ ਨੇ ਪਹਿਲਾਂ ਸਰਕਾਰ ਨੂੰ ਇਮਰਾਨ ਖਾਨ ਨੂੰ ਸ਼ਿਫਾ ਇੰਟਰਨੈਸ਼ਨਲ ਹਸਪਤਾਲ ਵਿੱਚ ਤਬਦੀਲ ਕਰਨ ਦਾ ਨਿਰਦੇਸ਼ ਦਿੱਤਾ ਸੀ।
ਹਾਲਾਂਕਿ 20-21 ਅਗਸਤ ਦੀ ਰਾਤ ਨੂੰ ਉਨ੍ਹਾਂ ਨੂੰ ਸ਼ਿਫਾ ਹਸਪਤਾਲ ਦੀ ਬਜਾਏ ਡਾਕਟਰੀ ਜਾਂਚ ਅਤੇ ਟੈਸਟਾਂ ਲਈ ਸਰਕਾਰੀ PIMS ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿੱਚ ਮੁੜ ਅਦਿਆਲਾ ਜੇਲ੍ਹ ਭੇਜ ਦਿੱਤਾ ਗਿਆ। ਸਰਕਾਰ ਨੇ ਇਸ ਫੈਸਲੇ ਪਿੱਛੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ।
ਹੁਣ 16 ਸਤੰਬਰ ਨੂੰ ਤਿੰਨ ਮੈਂਬਰੀ ਬੈਂਚ ਇਮਰਾਨ ਖਾਨ ਦੀ ਸਿਹਤ ਅਤੇ ਪਰਿਵਾਰ ਨਾਲ ਮੁਲਾਕਾਤ ਸਮੇਤ ਸਬੰਧਤ ਮਾਮਲਿਆਂ ਦੀ ਸੁਣਵਾਈ ਕਰੇਗੀ।






