Friday, September 4, 2026
Home Patiala Updates ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਦੇ ਸਮਾਗਮਾਂ ਨਾਲ ਸੰਗਤ ਵਿੱਚ ਸਕਾਰਾਤਮਕ ਤੇ ਅਧਿਆਤਮਿਕ ਮਾਹੌਲ ਪੈਦਾ ਹੋਇਆ – ਤਰੁਨਪ੍ਰੀਤ ਸਿੰਘ ਸੌਂਦ

0
8
ਪਟਿਆਲਾ, 3 ਸਤੰਬਰ:
ਕਿਹਾ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਬਾਣੀ ਨੂੰ ਦਰਸਾਉਂਦੇ 10 ਸਤੰਬਰ ਤੋਂ ਪਟਿਆਲਾ ਵਿਖੇ ਵੀ ਉਡਣਗੇ 500 ਤੋਂ ਵਧ ਡਰੋਨ,
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਤੇ ਸ਼ੋਭਾ ਯਾਤਰਾਵਾਂ ਦੇ ਪ੍ਰਬੰਧਾਂ ਦਾ ਜਾਇਜ਼ਾ
ਪਟਿਆਲਾ, ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ ਮੌਕੇ ਤਿਆਰੀਆਂ ਬਾਰੇ ਹਦਾਇਤਾਂ ਜਾਰੀ
ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਦੇ ਕਰਵਾਏ ਜਾ ਰਹੇ ਸਮਾਗਮਾਂ ਨਾਲ ਸੰਗਤ ਵਿੱਚ ਸਕਾਰਾਤਮਕ ਤੇ ਅਧਿਆਤਮਿਕ ਮਾਹੌਲ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ ਅਤੇ 10 ਸਤੰਬਰ ਤੋਂ ਪਟਿਆਲਾ ਜ਼ਿਲ੍ਹੇ ਵਿਖੇ ਵੀ 500 ਤੋਂ ਵਧ ਡਰੋਨ ਹਵਾ ਵਿੱਚ ਉਡਦੇ ਹੋਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਬਾਣੀ ਨੂੰ ਦਰਸਾਉਣਗੇ।
ਕੈਬਨਿਟ ਮੰਤਰੀ ਸ. ਸੌਂਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਉਚ ਪੱਧਰੀ ਬੈਠਕ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ ਅਤੇ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਉਨ੍ਹਾਂ ਨੇ ਇਨ੍ਹਾਂ ਸਮਾਗਮਾਂ ਦੀਆਂ ਸਮੇਂ ਸਿਰ ਤਿਆਰੀਆਂ ਮੁਕੰਮਲ ਕਰਨ ਅਤੇ ਇਹ ਕਾਰਜ ਸਫ਼ਲਤਾ ਪੂਰਵਕ ਕਰਵਾਉਣ ਲਈ ਹਦਾਇਤਾਂ ਜਾਰੀ ਕੀਤੀਆਂ।
ਇਸ ਮੌਕੇ ਪੰਜਾਬ ਟੂਰਿਜ਼ਮ ਐਂਡ ਹੈਰੀਟੇਜ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਪ੍ਰੋ. ਕੁਲਵੰਤ ਸਿੰਘ ਗੱਜਣਮਾਜਰਾ ਤੇ ਕੁਲਵੰਤ ਸਿੰਘ ਬਾਜੀਗਰ, ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ, ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਚੌਂਦਾ ਤੇ ਹੋਰ ਅਧਿਕਾਰੀ ਮੌਜੂਦ ਸਨ।ਸ. ਸੌਂਦ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਡਰੋਨ ਸ਼ੋਅ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਕੇ ਵੱਧ ਤੋਂ ਵੱਧ ਸੰਗਤ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਵਿਸ਼ਵਾਸ਼ ਦਿਵਆਇਆ ਕਿ ਸਾਰੇ ਪ੍ਰਬੰਧ ਸਮੇਂ ਸਿਰ ਪੁਖ਼ਤਾ ਕਰਕੇ ਸਾਰੇ ਸਮਾਗਮ ਸਫ਼ਲਤਾਪੂਰਵਕ ਕਰਵਾਏ ਜਾਣਗੇ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੰਤ-ਮਹਾਂਪੁਰਸ਼ਾਂ ਦੀਆਂ ਰਹਿਨੁਮਾਈ ਅਤੇ ਸੁਝਾਵਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਧਾਰਮਿਕ, ਸੱਭਿਆਚਾਰਕ ਅਤੇ ਵਿੱਦਿਅਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨ੍ਹਾਂ ਤਹਿਤ ਕੀਰਤਨ ਦਰਬਾਰ, ਯੂਨੀਵਰਸਿਟੀਆਂ ਵਿੱਚ ਸੈਮੀਨਾਰ, ਸਕੂਲ ਪੱਧਰੀ ਮੁਕਾਬਲੇ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦੀ ਸਕ੍ਰੀਨਿੰਗ ਸਾਰੇ ਪਿੰਡਾਂ ਵਿੱਚ ਕਰਵਾਈ ਜਾ ਰਹੀ ਹੈ।
ਉਨ੍ਹਾਂ ਨੇ ਸੰਗਰੂਰ ਵਿਖੇ 5 ਸਤੰਬਰ ਤੋਂ ਸੰਗਰੂਰ ਵਿਖੇ 10 ਸਤੰਬਰ ਤੋਂ ਪਟਿਆਲਾ ਜ਼ਿਲ੍ਹੇ ਵਿਖੇ, ਮਾਲੇਰਕੋਲਾ ਵਿਖੇ 24 ਸਤੰਬਰ ਤੋਂ ਅਤੇ ਬਰਨਾਲਾ ਵਿਖੇ 26 ਸਤੰਬਰ ਤੋਂ ਕਰਵਾਏ ਜਾਣ ਵਾਲੇ ਡਰੋਨ ਸ਼ੋਅ ਨੂੰ ਸਫ਼ਲਤਾ ਪੂਰਵਕ ਕਰਵਾਉਣ ਲਈ ਸਾਰੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਲਗਭਗ 25 ਤੋਂ 30 ਮਿੰਟਾਂ ਦੇ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਗਏ ਡਰੋਨ ਸ਼ੋਅ ਵਿੱਚ 500 ਤੋਂ ਵੱਧ ਡਰੋਨ ਅਸਮਾਨ ਵਿੱਚ ਇੱਕੋ ਸਮੇਂ ਆਪਣੀ ਪੇਸ਼ਕਾਰੀ ਕਰਨਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ੁਤਰਾਣਾ ਹਲਕੇ ਦਾ ਪਾਤੜਾਂ ਅਨਾਜ ਮੰਡੀ ਵਿਖੇ 9 ਸਤੰਬਰ ਨੂੰ, ਪਟਿਆਲਾ ਦਿਹਾਤੀ ਹਲਕੇ ਦਾ 10 ਸਤੰਬਰ ਨੂੰ ਅਨਾਜ ਮੰਡੀ ਸਰਹਿੰਦ ਰੋਡ ਵਿਖੇ, 11 ਸਤੰਬਰ ਨੂੰ ਪਟਿਆਲਾ ਸ਼ਹਿਰੀ ਹਲਕੇ ਦਾ ਪੋਲੋ ਗਰਾਊਂਡ ਵਿਖੇ, 12 ਸਤੰਬਰ ਨੂੰ ਨਾਭਾ ਹਲਕੇ ਦਾ ਰਿਪੁਦਮਨ ਕਾਲਜ ਵਿਖੇ ਅਤੇ 12 ਨੂੰ ਹੀ ਰਾਜਪੁਰਾ ਹਲਕੇ ਦਾ ਅਨਾਜ ਮੰਡੀ ਰਾਜਪੁਰਾ ਵਿਖੇ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਡਿਜੀਟਲ ਤਕਨੀਕ ਰਾਹੀਂ ਰਾਤ ਦੇ ਸਮੇਂ ਅਸਮਾਨ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ, ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਇਆ ਜਾਵੇਗਾ, ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਮਹਾਨ ਸੰਦੇਸ਼ ਨਾਲ ਜੋੜਿਆ ਜਾ ਸਕੇ।ਇਸ ਸ਼ੋਅ ਤੋਂ ਪਹਿਲਾਂ ਇੱਕ ਘੰਟਾ ਗੁਰਬਾਣੀ ਕੀਰਤਨ ਗਾਇਨ ਹੋਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਅਤੇ ਸੁਭਾਗ ਦੀ ਗੱਲ ਹੈ ਕਿ ਮਹਾਨ ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਂਪੁਰਖਾਂ ਨਾਲ ਸਬੰਧਤ ਇਤਿਹਾਸਕ ਤੇ ਧਾਰਮਿਕ ਮੌਕਿਆਂ ਨੂੰ ਸਮਰਪਿਤ ਸਮਾਗਮ ਕਰਵਾਉਣ ਦੀ ਸੇਵਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ ਗਏ ਸਨ ਅਤੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਦੇ ਸਮਾਗਮ ਕਰਵਾਏ ਜਾ ਰਹੇ ਹਨ।ਇਸ ਲਈ ਸੰਗਤ ਤੇ ਖਾਸ ਕਰਕੇ ਨੌਜ਼ਵਾਨ ਪੀੜ੍ਹੀ ਵਿੱਚ ਬਹੁਤ ਉਤਸ਼ਾਹ ਹੈ।
ਸ਼ੋਭਾ ਯਾਤਰਾਵਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸ. ਸੌਂਦ ਨੇ ਦੱਸਿਆ ਕਿ ਨਵੰਬਰ ਮਹੀਨੇ ਵਿੱਚ ਵਾਰਾਨਸੀ, ਜੰਮੂ, ਬਠਿੰਡਾ ਅਤੇ ਫ਼ਰੀਦਕੋਟ ਤੋਂ ਚਾਰ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ, ਜੋ ਸ੍ਰੀ ਗੁਰੂ ਰਵਿਦਾਸ ਜੀ ਨਾਲ ਸਬੰਧਤ ਪਵਿੱਤਰ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ਬਠਿੰਡਾ ਤੋਂ ਸ਼ੁਰੂ ਹੋਣ ਵਾਲੀ ਸ਼ੋਭਾ ਯਾਤਰਾ ਪਟਿਆਲਾ ਵਿਖੇ ਰਾਤਰੀ ਪੜਾਅ ਦੌਰਾਨ ਠਹਿਰੇਗੀ।
ਸ. ਸੌਂਦ ਨੇ ਕਿਹਾ ਕਿ ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੀ ਸਮਾਪਤੀ ਮੌਕੇ ਪੰਜਾਬ ਸਰਕਾਰ ਵੱਲੋਂ ਦਸੰਬਰ ਮਹੀਨੇ ਵਿੱਚ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪੈਰੋਕਾਰ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਉਪਰਾਲਿਆਂ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਸਮਾਗਮ ਸੰਤ ਸਮਾਜ ਦੀਆਂ ਰਹਿਨੁਮਾਈਆਂ ਅਤੇ ਸਲਾਹ-ਮਸ਼ਵਰੇ ਨਾਲ ਉਲੀਕੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਪ੍ਰਤੀ ਪੂਰਨ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਬੈਠਕ ਮੌਕੇ ਹਾਜ਼ਰ ਗੁਰਪ੍ਰੀਤ ਸਿੰਘ ਜੀਪੀ ਸਮੇਤ ਬਾਕੀ ਵਿਧਾਇਕਾਂ ਨੇ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਵਿੱਚ ਡਰੋਨ ਸ਼ੋਅ ਨੂੰ ਵੱਡੀ ਗਿਣਤੀ ਵਿੱਚ ਸੰਗਤ ਦੀ ਸ਼ਮੂਲੀਅਤ ਨਾਲ ਸਫ਼ਲਤਾਪੂਰਵਕ ਕਰਵਾਇਆ ਜਾਵੇਗਾ। ਪੰਜਾਬ ਟੂਰਿਜ਼ਮ ਐਂਡ ਹੈਰੀਟੇਜ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ ਨੇ ਕਿਹਾ ਕਿ ਇਹ ਆਧੁਨਿਕ ਅਤੇ ਪ੍ਰਭਾਵਸ਼ਾਲੀ ਡਰੋਨ ਸ਼ੋਅ ਸਮੁੱਚੀ ਸੰਗਤ ਖ਼ਾਸ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਦੀਪਕ ਬਾਲੀ ਨੇ ਡਰੋਨ ਸ਼ੋਅ ਦੀ ਹੋਰ ਜਾਣਕਾਰੀ ਦਿੰਦਿਆਂ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕਰਨਲ ਜੇਵੀ ਸਿੰਘ, ਦਿਹਾਤੀ ਪ੍ਰਧਾਨ ਤੇ ਇੰਪਰੂਵਮੈਂਟ ਟਰਸਟ ਚੇਅਰਮੈਨ ਹਰਪਾਲ ਸਿੰਘ ਵਿਰਕ, ਅਮਰੀਕ ਸਿੰਘ ਬੰਗੜ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਮਾਰਕੀਟ ਕਮੇਟੀ ਅਸ਼ੋਕ ਸਿਰਸਵਾਲ, ਸੰਗਰੂਰ ਦੇ ਪ੍ਰਧਾਨ ਲਾਭ ਸਿੰਘ ਧੂਰੀ, ਕਮਿਸ਼ਨਰ ਨਗਰ ਨਿਗਮ ਪੂਜਾ ਸਿਆਲ, ਏ.ਡੀ.ਸੀਜ ਦਮਨਜੀਤ ਸਿੰਘ ਮਾਨ, ਅਨੁ‌ਪ੍ਰਿਤਾ ਜੌਹਲ ਤੇ ਨਵਰੀਤ ਕੌਰ ਸੇਖੋਂ ਸਮੇਤ ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਦੇ ਏਡੀਸੀਜ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here