ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਸ਼ੁੱਕਰਵਾਰ ਨੂੰ ਜਲੰਧਰ ਅਤੇ ਪਠਾਨਕੋਟ ਵਿੱਚ ਮੀਂਹ ਪਿਆ, ਜਦਕਿ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਬੱਦਲ ਛਾਏ ਰਹੇ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
4 ਅਤੇ 5 ਸਤੰਬਰ ਨੂੰ ਭਾਰੀ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ 4 ਅਤੇ 5 ਸਤੰਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ ਵੀ ਸੂਬੇ ਵਿੱਚ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਮਾਨਸੂਨ ਸੀਜ਼ਨ ਦੌਰਾਨ ਪੰਜਾਬ ਵਿੱਚ ਹੁਣ ਤੱਕ ਆਮ ਨਾਲੋਂ 34 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
ਅੱਜ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਤੋਂ ਇਲਾਵਾ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਵੀ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ।
9 ਸਤੰਬਰ ਤੱਕ ਮੀਂਹ ਜਾਰੀ ਰਹਿਣ ਦੀ ਉਮੀਦ
ਮੌਸਮ ਵਿਭਾਗ ਮੁਤਾਬਕ ਉੱਤਰੀ ਹਰਿਆਣਾ ਵਿੱਚ ਬਣੇ ਚੱਕਰਵਾਤੀ ਸਿਸਟਮ ਅਤੇ ਮਾਨਸੂਨ ਟ੍ਰਫ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦਾ ਦੌਰ ਜਾਰੀ ਰਹੇਗਾ। 9 ਸਤੰਬਰ ਤੱਕ ਪੰਜਾਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਕਾਰਨ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਕੁਝ ਰਾਹਤ ਮਿਲ ਸਕਦੀ ਹੈ।






