ਕਿਹਾ- ਬਰਾਬਰ ਮੌਕੇ ਦੇਣ ਲਈ ਸਿੱਖਿਆ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ, ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ
ਨਵੀਂ ਦਿੱਲੀ: ਅਧਿਆਪਕ ਦਿਵਸ ਦੇ ਮੌਕੇ ’ਤੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ ਨਵੀਂ ਦਿੱਲੀ ਵਿੱਚ ਆਯੋਜਿਤ ਸਮਾਰੋਹ ਦੌਰਾਨ ਦੇਸ਼ ਭਰ ਦੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਪੁਰਸਕਾਰ ਪ੍ਰਦਾਨ ਕੀਤੇ।
ਇਸ ਮੌਕੇ ਸੰਬੋਧਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਸੰਵਿਧਾਨ ਵਿੱਚ ਦਰਜ ‘ਮੌਕਿਆਂ ਦੀ ਬਰਾਬਰੀ’ ਦੇ ਆਦਰਸ਼ ਨੂੰ ਅਮਲੀ ਰੂਪ ਦੇਣ ਲਈ ਸਿੱਖਿਆ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਸਕੂਲਾਂ ਵਿੱਚ ਸਕੂਲ ਛੱਡਣ ਦੀ ਦਰ ਨੂੰ ਘਟਾਉਣ ਵਿੱਚ ਅਧਿਆਪਕਾਂ ਦੇ ਯਤਨਾਂ ਦੀ ਅਹਿਮ ਭੂਮਿਕਾ ਰਹੀ ਹੈ।
ਬਚਪਨ ਵਿੱਚ ਨੈਤਿਕ ਸਿੱਖਿਆ ਦੀ ਮਹੱਤਤਾ
ਰਾਸ਼ਟਰਪਤੀ ਨੇ ਕਿਹਾ ਕਿ ਸਕੂਲੀ ਸਿੱਖਿਆ ਪੂਰੀ ਸਿੱਖਿਆ ਪ੍ਰਣਾਲੀ ਦਾ ਆਧਾਰ ਹੈ। ਗਿਆਨ ਅਤੇ ਹੁਨਰ ਕਿਸੇ ਵੀ ਉਮਰ ਵਿੱਚ ਹਾਸਲ ਕੀਤੇ ਜਾ ਸਕਦੇ ਹਨ, ਪਰ ਬਚਪਨ ਵਿੱਚ ਦਿੱਤੀ ਨੈਤਿਕ ਕਦਰਾਂ-ਕੀਮਤਾਂ ਦੀ ਸਿੱਖਿਆ ਵਧੇਰੇ ਪ੍ਰਭਾਵਸ਼ਾਲੀ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਮਾਤਾਂ ਵਿੱਚ ਬੱਚਿਆਂ ਦੇ ਬੌਧਿਕ, ਸਰੀਰਕ ਅਤੇ ਨੈਤਿਕ ਵਿਕਾਸ ਵੱਲ ਸਮਰਪਿਤ ਧਿਆਨ ਦੇ ਕੇ ਅਧਿਆਪਕ ਆਉਣ ਵਾਲੀਆਂ ਪੀੜ੍ਹੀਆਂ ਨੂੰ ਚੰਗੇ ਵਿਦਿਆਰਥੀ ਅਤੇ ਇਮਾਨਦਾਰ ਨਾਗਰਿਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ।
ਹਰ ਬੱਚੇ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨਾ ਅਧਿਆਪਕਾਂ ਦੀ ਜ਼ਿੰਮੇਵਾਰੀ
ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਦੇ ਬਹੁਤ ਸਾਰੇ ਵਿਦਿਆਰਥੀ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਤੋਂ ਆਉਂਦੇ ਹਨ। ਕੁਝ ਆਪਣੇ ਪਰਿਵਾਰਾਂ ਵਿੱਚ ਪਹਿਲੀ ਪੀੜ੍ਹੀ ਦੇ ਵਿਦਿਆਰਥੀ ਹੁੰਦੇ ਹਨ, ਜਦਕਿ ਕੁਝ ਪਿੰਡਾਂ ਦੇ ਸਕੂਲਾਂ ਤੋਂ ਸ਼ਹਿਰਾਂ ਦੇ ਵੱਡੇ ਸਕੂਲਾਂ ਵਿੱਚ ਪੜ੍ਹਨ ਲਈ ਆਉਂਦੇ ਹਨ।
ਉਨ੍ਹਾਂ ਕਿਹਾ ਕਿ ਕੁਝ ਬੱਚੇ ਸੁਭਾਅ ਤੋਂ ਸ਼ਰਮੀਲੇ ਹੁੰਦੇ ਹਨ, ਕੁਝ ਵਿੱਚ ਪ੍ਰਤਿਭਾ ਹੋਣ ਦੇ ਬਾਵਜੂਦ ਆਤਮ-ਵਿਸ਼ਵਾਸ ਦੀ ਘਾਟ ਹੁੰਦੀ ਹੈ ਅਤੇ ਕੁਝ ਵਿਦਿਆਰਥੀਆਂ ਦੀਆਂ ਵਿਸ਼ੇਸ਼ ਲੋੜਾਂ ਹੁੰਦੀਆਂ ਹਨ।
ਰਾਸ਼ਟਰਪਤੀ ਨੇ ਕਿਹਾ ਕਿ ਅਧਿਆਪਕਾਂ ਦੀ ਵਿਸ਼ੇਸ਼ ਜ਼ਿੰਮੇਵਾਰੀ ਹੈ ਕਿ ਉਹ ਅਜਿਹੇ ਸਾਰੇ ਵਿਦਿਆਰਥੀਆਂ ਵਿੱਚ ਵਿਸ਼ਵਾਸ ਪੈਦਾ ਕਰਨ, ਉਨ੍ਹਾਂ ਦੀਆਂ ਸਮਰੱਥਾਵਾਂ ਨੂੰ ਪਛਾਣਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਦੇਣ।
ਭਾਰਤ ਨੂੰ ਗਿਆਨ ਅਤੇ ਹੁਨਰ ਦੀ ਮਹਾਂਸ਼ਕਤੀ ਬਣਾਉਣ ’ਤੇ ਜ਼ੋਰ
ਦ੍ਰੋਪਦੀ ਮੁਰਮੂ ਨੇ ਕਿਹਾ ਕਿ ਦੇਸ਼ ਦੇ ਵਿਕਾਸ ਲਈ ਵਿਦਿਅਕ ਉੱਤਮਤਾ, ਹੁਨਰ ਵਿਕਾਸ ਅਤੇ ਉੱਦਮਤਾ ਦਾ ਬਹੁਤ ਮਹੱਤਵ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਗਿਆਨ ਦੀ ਮਹਾਂਸ਼ਕਤੀ ਬਣਾਉਣ ਦੇ ਨਾਲ-ਨਾਲ ਵਿਸ਼ਵ ਦੇ ਹੁਨਰ ਕੇਂਦਰ ਵਜੋਂ ਸਥਾਪਿਤ ਕਰਨਾ ਰਾਸ਼ਟਰੀ ਤਰਜੀਹਾਂ ਵਿੱਚੋਂ ਇੱਕ ਹੈ।
ਉਨ੍ਹਾਂ ਕਿਹਾ ਕਿ ਦੇਸ਼ ਵਾਸੀ ਵਿਕਸਿਤ ਭਾਰਤ ਦੇ ਨਿਰਮਾਣ ਦੇ ਟੀਚੇ ਵੱਲ ਅੱਗੇ ਵਧ ਰਹੇ ਹਨ ਅਤੇ ਇੱਕ ਵਿਕਸਤ ਰਾਸ਼ਟਰ ਦਾ ਨਿਰਮਾਣ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀ ਤੋਂ ਬਿਨਾਂ ਸੰਭਵ ਨਹੀਂ ਹੈ।
‘ਇੱਕ ਵੀ ਵਿਦਿਆਰਥੀ ਚੰਗੀ ਸਿੱਖਿਆ ਤੋਂ ਵਾਂਝਾ ਨਾ ਰਹੇ’
ਰਾਸ਼ਟਰਪਤੀ ਨੇ ਕਿਹਾ ਕਿ ਅਧਿਆਪਕ ਸਿੱਖਿਆ ਪ੍ਰਣਾਲੀ ਨੂੰ ਜੀਵਨ ਅਤੇ ਊਰਜਾ ਪ੍ਰਦਾਨ ਕਰਦੇ ਹਨ। ਸਾਡੀ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਦੇਸ਼ ਦਾ ਇੱਕ ਵੀ ਵਿਦਿਆਰਥੀ ਚੰਗੀ ਸਿੱਖਿਆ ਦੇ ਮੌਕਿਆਂ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿਆਰ ਅਤੇ ਲਗਨ ਨਾਲ ਸਾਰੇ ਵਿਦਿਆਰਥੀਆਂ ਨੂੰ ਗਿਆਨ, ਪ੍ਰੇਰਨਾ, ਨੈਤਿਕਤਾ ਅਤੇ ਸੰਵੇਦਨਸ਼ੀਲਤਾ ਪ੍ਰਦਾਨ ਕਰਨ ਅਤੇ ਦੇਸ਼ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।






