ਚੰਡੀਗੜ੍ਹ/ਜਲੰਧਰ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਨਾਲ ਬਿਨਾਂ ਮਸ਼ਵਰਾ ਕੀਤੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨੇ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਅਤੇ ਦੇਸ਼ ਦੇ ਸੰਘੀ ਢਾਂਚੇ ਪ੍ਰਤੀ ਕੇਂਦਰ ਦੇ ਰਵੱਈਏ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਿਯੁਕਤੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਨਿਯੁਕਤੀਆਂ ਸਬੰਧੀ ਮੈਮੋਰੰਡਮ ਆਫ਼ ਪ੍ਰੋਸੀਜਰ ਵਿੱਚ ਸਬੰਧਤ ਰਾਜ ਸਰਕਾਰ ਦੇ ਵਿਚਾਰਾਂ ਨੂੰ ਧਿਆਨ ਵਿੱਚ ਰੱਖਣ ਦੀ ਵਿਵਸਥਾ ਹੈ।
ਚੀਮਾ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 12 ਅਗਸਤ 2026 ਨੂੰ ਭੇਜੀ ਚਿੱਠੀ ਅਤੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਦੀ ਚਿੱਠੀ ਵਿੱਚ ਵੀ ਇਸ ਪ੍ਰਕਿਰਿਆ ਦਾ ਜ਼ਿਕਰ ਕੀਤਾ ਗਿਆ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਰਾਜ ਸਰਕਾਰ ਦੀ ਰਾਏ ਪ੍ਰਕਿਰਿਆ ਦਾ ਹਿੱਸਾ ਹੈ ਤਾਂ ਪੰਜਾਬ ਸਰਕਾਰ ਨਾਲ ਮਸ਼ਵਰਾ ਕਿਉਂ ਨਹੀਂ ਕੀਤਾ ਗਿਆ।
ਮੰਤਰੀ ਨੇ ਕਿਹਾ ਕਿ ਇਹ ਸਿਰਫ਼ ਇੱਕ ਨਿਯੁਕਤੀ ਦਾ ਮਾਮਲਾ ਨਹੀਂ, ਸਗੋਂ ਪੰਜਾਬ ਦੇ ਅਧਿਕਾਰਾਂ ਅਤੇ ਸੰਵਿਧਾਨਕ ਸੰਘੀ ਢਾਂਚੇ ਨਾਲ ਜੁੜਿਆ ਗੰਭੀਰ ਮੁੱਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕਾਂ ਦੇ ਜਨਾਦੇਸ਼ ਦੀ ਨੁਮਾਇੰਦਗੀ ਕਰਦੇ ਹਨ ਅਤੇ ਚੁਣੀ ਹੋਈ ਸਰਕਾਰ ਨੂੰ ਅਣਗੌਲਿਆ ਕਰਨਾ ਪੰਜਾਬ ਦੇ ਲੋਕਾਂ ਦਾ ਵੀ ਅਪਮਾਨ ਹੈ।
ਜਸਟਿਸ ਜੀਐੱਸ ਸੰਧਾਵਾਲੀਆ ਦੀ ਨਿਯੁਕਤੀ ਦਾ ਮਾਮਲਾ ਵੀ ਚੁੱਕਿਆ
ਹਰਪਾਲ ਸਿੰਘ ਚੀਮਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਤਤਕਾਲੀ ਸਭ ਤੋਂ ਸੀਨੀਅਰ ਜੱਜ ਜਸਟਿਸ ਜੀਐੱਸ ਸੰਧਾਵਾਲੀਆ ਦੀ ਨਿਯੁਕਤੀ ਨੂੰ ਲੈ ਕੇ ਕੇਂਦਰ ਦੇ ਪਿਛਲੇ ਰਵੱਈਏ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਕੋਲੇਜੀਅਮ ਨੇ ਜੁਲਾਈ 2024 ਵਿੱਚ ਜਸਟਿਸ ਸੰਧਾਵਾਲੀਆ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਉਣ ਦੀ ਸਿਫ਼ਾਰਸ਼ ਕੀਤੀ ਸੀ, ਪਰ ਇਸ ’ਤੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੱਕ ਫ਼ੈਸਲਾ ਲਟਕਿਆ ਰਿਹਾ।
ਚੀਮਾ ਨੇ ਸਵਾਲ ਕੀਤਾ ਕਿ ਕੋਲੇਜੀਅਮ ਦੀ ਸਿਫ਼ਾਰਸ਼ ਦੇ ਬਾਵਜੂਦ ਜਸਟਿਸ ਸੰਧਾਵਾਲੀਆ ਦੀ ਨਿਯੁਕਤੀ ਵਿੱਚ ਦੇਰੀ ਕਿਉਂ ਕੀਤੀ ਗਈ, ਜਦਕਿ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤੀ ਪੰਜਾਬ ਸਰਕਾਰ ਨਾਲ ਮਸ਼ਵਰੇ ਤੋਂ ਬਿਨਾਂ ਕਰ ਦਿੱਤੀ ਗਈ।
ਐਤਵਾਰ ਸ਼ਾਮ 4 ਵਜੇ ਕੈਬਨਿਟ ਦੀ ਹੰਗਾਮੀ ਮੀਟਿੰਗ
ਮੰਤਰੀ ਨੇ ਦੱਸਿਆ ਕਿ ਇਸ ਮਾਮਲੇ ’ਤੇ ਵਿਚਾਰ-ਵਟਾਂਦਰੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਸ਼ਾਮ 4 ਵਜੇ ਪੰਜਾਬ ਕੈਬਨਿਟ ਦੀ ਹੰਗਾਮੀ ਮੀਟਿੰਗ ਬੁਲਾਈ ਹੈ।
ਚੀਮਾ ਨੇ ਕਿਹਾ ਕਿ ਸੰਵਿਧਾਨ ਕੇਂਦਰ ਅਤੇ ਰਾਜਾਂ ਦੇ ਅਧਿਕਾਰ ਸਪੱਸ਼ਟ ਤੌਰ ’ਤੇ ਤੈਅ ਕਰਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰਾਜਾਂ ਦੇ ਅਧਿਕਾਰਾਂ ਵਿੱਚ ਵਾਰ-ਵਾਰ ਦਖ਼ਲਅੰਦਾਜ਼ੀ ਨਹੀਂ ਕੀਤੀ ਜਾ ਸਕਦੀ ਅਤੇ ਪੰਜਾਬ ਸਰਕਾਰ ਆਪਣੇ ਸੰਵਿਧਾਨਕ ਹੱਕਾਂ ਤੇ ਸੰਘੀ ਢਾਂਚੇ ਦੀ ਰੱਖਿਆ ਲਈ ਹਰ ਸੰਭਵ ਪੱਧਰ ’ਤੇ ਆਵਾਜ਼ ਉਠਾਏਗੀ।
ਇਸ ਮੌਕੇ ‘ਆਪ’ ਆਗੂ ਤਰਨਪ੍ਰੀਤ ਸਿੰਘ ਸੰਨੀ ਵੀ ਮੌਜੂਦ ਸਨ।






