Monday, September 7, 2026
Home Punjab ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਸਰਕਾਰ ਦਾ ਭਰੋਸਾ, ਇੱਕ ਮਹੀਨੇ ਅੰਦਰ ਬੁਲਾਇਆ...

ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਸਰਕਾਰ ਦਾ ਭਰੋਸਾ, ਇੱਕ ਮਹੀਨੇ ਅੰਦਰ ਬੁਲਾਇਆ ਜਾਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

0
2

ਚੰਡੀਗੜ੍ਹ: ਚੰਡੀਗੜ੍ਹ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਮੋਰਚਾ ਲਾਈ ਬੈਠੇ ਕਿਸਾਨਾਂ ਦੀ ਅੱਜ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ। ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਿਚਾਲੇ ਹੋਈ ਗੱਲਬਾਤ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਨੇ ਕਿਸਾਨੀ ਮੰਗਾਂ ਦੇ ਹੱਲ ਲਈ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਭਰੋਸਾ ਦਿੱਤਾ ਹੈ।

ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਕਈ ਮੰਗਾਂ ’ਤੇ ਸਹਿਮਤੀ ਪ੍ਰਗਟਾਈ ਗਈ ਹੈ। ਕੁਝ ਮੰਗਾਂ ਸਬੰਧੀ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਲਿਖਤੀ ਜਾਣਕਾਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਹੀ ਕਿਸਾਨ ਜਥੇਬੰਦੀਆਂ ਆਪਣੀ ਅਗਲੀ ਰਣਨੀਤੀ ਤੈਅ ਕਰਨਗੀਆਂ।

ਪਾਣੀਆਂ ਦੇ ਮੁੱਦੇ ’ਤੇ ਵਿਧਾਨ ਸਭਾ ਵਿੱਚ ਮਤੇ ਲਿਆਉਣ ਦੀ ਗੱਲ

ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨਾਲ ਸਬੰਧਤ ਮਾਮਲਿਆਂ ’ਤੇ ਵੀ ਵਿਧਾਨ ਸਭਾ ਵਿੱਚ ਮਤੇ ਪਾਸ ਕਰਨ ਬਾਰੇ ਗੱਲਬਾਤ ਹੋਈ ਹੈ। ਉਨ੍ਹਾਂ ਅਨੁਸਾਰ ਪਾਣੀਆਂ ਨਾਲ ਸਬੰਧਤ ਸਮਝੌਤਿਆਂ ਅਤੇ ਸੰਵਿਧਾਨਕ ਧਾਰਾਵਾਂ ਦੇ ਸੰਦਰਭ ਵਿੱਚ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮਤੇ ਲਿਆਂਦੇ ਜਾਣਗੇ। ਇਸ ਸਬੰਧੀ ਸਰਕਾਰ ਵੱਲੋਂ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ।

ਕੇਂਦਰ ਨਾਲ ਸਬੰਧਤ ਮੰਗਾਂ ’ਤੇ ਬਾਅਦ ਵਿੱਚ ਫੈਸਲਾ

ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਸਬੰਧਤ ਕਿਸਾਨਾਂ ਦੀਆਂ ਮੰਗਾਂ ਵੱਖਰੀਆਂ ਹਨ ਅਤੇ ਇਨ੍ਹਾਂ ’ਤੇ ਅਜੇ ਕੇਂਦਰ ਨਾਲ ਕੋਈ ਗੱਲਬਾਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਨਾਲ ਸਬੰਧਤ ਮਾਮਲਿਆਂ ਦੇ ਹੱਲ ਦੀ ਉਡੀਕ ਕੀਤੀ ਜਾਵੇਗੀ। ਇਸ ਤੋਂ ਬਾਅਦ ਹੀ ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਸਬੰਧੀ ਅਗਲਾ ਫੈਸਲਾ ਲਿਆ ਜਾਵੇਗਾ।

ਐੱਮਐੱਸਪੀ ’ਤੇ ਵੀ ਹੋਈ ਚਰਚਾ

ਮੀਟਿੰਗ ਦੌਰਾਨ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੇ ਮੁੱਦੇ ’ਤੇ ਵੀ ਚਰਚਾ ਹੋਈ। ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਨੇ ਸਰਕਾਰ ਅੱਗੇ ਮੰਗ ਰੱਖੀ ਹੈ ਕਿ ਐੱਮਐੱਸਪੀ ਤਹਿਤ ਵੱਧ ਤੋਂ ਵੱਧ ਫ਼ਸਲਾਂ ਦੀ ਖ਼ਰੀਦ ਯਕੀਨੀ ਬਣਾਈ ਜਾਵੇ ਅਤੇ ਖ਼ਰੀਦ ਦੀ ਸੀਮਾ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਤੇ ਸਰਕਾਰ ਵੱਲੋਂ ਹਾਂ-ਪੱਖੀ ਰੁਖ ਦਾ ਸੰਕੇਤ ਦਿੱਤਾ ਗਿਆ ਹੈ।

ਰਾਜੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੁਲਾਈ ਜਾਵੇਗੀ। ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਕੀਤੇ ਵਾਅਦਿਆਂ ਅਤੇ ਫੈਸਲਿਆਂ ਦੀ ਸਮੀਖਿਆ ਕੀਤੀ ਜਾਵੇਗੀ। ਇਸ ਤੋਂ ਬਾਅਦ ਹੀ ਕਿਸਾਨ ਆਗੂ ਆਪਣੀ ਅਗਲੀ ਰਣਨੀਤੀ ਅਤੇ ਸੰਘਰਸ਼ ਸਬੰਧੀ ਫੈਸਲਾ ਜਨਤਕ ਕਰਨਗੇ।

LEAVE A REPLY

Please enter your comment!
Please enter your name here