ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਹੁਣ ਹੌਲੀ ਪੈ ਗਈ ਹੈ। ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਦਿਨ ਭਰ ਬੱਦਲਵਾਈ ਰਹਿਣ ਦੀ ਉਮੀਦ ਹੈ। ਬਾਰਿਸ਼ ਘੱਟ ਹੋਣ ਕਾਰਨ ਸੂਬੇ ਵਿੱਚ ਗਰਮੀ ਅਤੇ ਨਮੀ ਵਧ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਅਤੇ ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਰਿਹਾ ਹੈ। ਸੋਮਵਾਰ ਨੂੰ ਪਠਾਨਕੋਟ ਤੋਂ ਇਲਾਵਾ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿੱਚ ਮੀਂਹ ਦਰਜ ਨਹੀਂ ਕੀਤਾ ਗਿਆ। ਪਠਾਨਕੋਟ ਵਿੱਚ ਸਿਰਫ਼ 0.5 ਮਿਲੀਮੀਟਰ ਬਾਰਿਸ਼ ਹੋਈ।
ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 31.2 ਡਿਗਰੀ ਸੈਲਸੀਅਸ ਤੋਂ ਲੈ ਕੇ ਬਠਿੰਡਾ ਵਿੱਚ 36.4 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ।
ਦੋ ਪੱਛਮੀ ਗੜਬੜੀਆਂ ਸਰਗਰਮ
ਮੌਸਮ ਵਿਭਾਗ ਦੇ ਅਨੁਸਾਰ ਇਸ ਸਮੇਂ ਪੰਜਾਬ ਅਤੇ ਚੰਡੀਗੜ੍ਹ ਦੇ ਆਲੇ-ਦੁਆਲੇ ਦੋ ਪੱਛਮੀ ਗੜਬੜੀਆਂ ਸਰਗਰਮ ਹਨ। ਇਨ੍ਹਾਂ ਵਿੱਚੋਂ ਇੱਕ ਕਸ਼ਮੀਰ ਅਤੇ ਨੇੜਲੇ ਇਲਾਕਿਆਂ ਉੱਤੇ ਸਥਿਤ ਹੈ, ਜਦੋਂਕਿ ਦੂਜੀ ਉੱਚਾਈ ਵਾਲੇ ਪੱਧਰ ’ਤੇ ਸਰਗਰਮ ਹੈ।
ਇਸ ਦੇ ਨਾਲ ਹੀ ਮਾਨਸੂਨ ਟ੍ਰੈਫ਼ ਵੀ ਉੱਤਰੀ ਭਾਰਤ ਵਿੱਚੋਂ ਲੰਘ ਰਿਹਾ ਹੈ। ਇਨ੍ਹਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਡੈਮਾਂ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ
ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1,643 ਫੁੱਟ ਦਰਜ ਕੀਤਾ ਗਿਆ ਹੈ। ਡੈਮ ਵਿੱਚ 37,778 ਕਿਊਸਿਕ ਪਾਣੀ ਦੀ ਆਮਦ ਹੋ ਰਹੀ ਹੈ, ਜਦੋਂਕਿ 25,300 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਇਸੇ ਤਰ੍ਹਾਂ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1,372.14 ਫੁੱਟ ਹੈ। ਇੱਥੇ 20,689 ਕਿਊਸਿਕ ਪਾਣੀ ਦੀ ਆਮਦ ਹੋ ਰਹੀ ਹੈ ਅਤੇ 10,011 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਫਿਲਹਾਲ ਦੋਵੇਂ ਡੈਮਾਂ ਦਾ ਪਾਣੀ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਦੱਸਿਆ ਜਾ ਰਿਹਾ ਹੈ।






