Wednesday, September 9, 2026
Home Punjab Ludhiana ਲੁਧਿਆਣਾ ਵਿੱਚ ਡਾ. ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦਾ ਵਿਰੋਧ, ਅੱਜ ‘ਲੁਧਿਆਣਾ...

ਲੁਧਿਆਣਾ ਵਿੱਚ ਡਾ. ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦਾ ਵਿਰੋਧ, ਅੱਜ ‘ਲੁਧਿਆਣਾ ਬੰਦ’

0
2

ਲੁਧਿਆਣਾ: ਜਲੰਧਰ ਬਾਈਪਾਸ ਚੌਕ ਨੇੜੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦੀ ਘਟਨਾ ਨੂੰ ਲੈ ਕੇ ਲੁਧਿਆਣਾ ਵਿੱਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਘਟਨਾ ਦੇ ਵਿਰੋਧ ਵਿੱਚ ਐੱਸ.ਸੀ. ਭਾਈਚਾਰੇ ਵੱਲੋਂ ਅੱਜ ਲੁਧਿਆਣਾ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਬੰਦ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਰੱਖਿਆ ਜਾਵੇਗਾ।

ਘਟਨਾ ਤੋਂ ਨਾਰਾਜ਼ ਵੱਡੀ ਗਿਣਤੀ ਵਿੱਚ ਲੋਕ ਜਲੰਧਰ ਬਾਈਪਾਸ ਚੌਕ ’ਤੇ ਇਕੱਠੇ ਹੋਏ ਅਤੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਵੱਲੋਂ ਚੌਕ ਦੇ ਰਸਤੇ ਬੰਦ ਕੀਤੇ ਜਾਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਅਤੇ ਸੜਕਾਂ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਬਾਬਾ ਸਾਹਿਬ ਦੀ ਮੂਰਤੀ ਨਾਲ ਵਾਪਰੀ ਘਟਨਾ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਲੋੜੀਂਦੀ ਗੰਭੀਰਤਾ ਨਹੀਂ ਦਿਖਾਈ ਗਈ। ਉਨ੍ਹਾਂ ਨੇ ਨਾਅਰੇਬਾਜ਼ੀ ਕਰਦਿਆਂ ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਮੌਕੇ ’ਤੇ ਭਾਰੀ ਪੁਲਸ ਬਲ ਤਾਇਨਾਤ

ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਪੁਲਸ ਵੱਲੋਂ ਜਲੰਧਰ ਬਾਈਪਾਸ ਚੌਕ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ। ਡੀ.ਸੀ.ਪੀ. ਆਲਮ ਵਿਜੇ ਸਿੰਘ, ਏ.ਸੀ.ਪੀ. ਨਾਰਥ ਕਿੱਕਰ ਸਿੰਘ ਭੁੱਲਰ ਅਤੇ ਸੀਨੀਅਰ ਅਧਿਕਾਰੀ ਸਮੀਰ ਵਰਮਾ ਸਮੇਤ ਹੋਰ ਪੁਲਸ ਅਧਿਕਾਰੀ ਮੌਕੇ ’ਤੇ ਮੌਜੂਦ ਰਹੇ।

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ

ਸਮਾਜ ਦੇ ਆਗੂ ਨਰਿੰਦਰ ਆਧੀਆ ਨੇ ਕਿਹਾ ਕਿ ਜਦੋਂ ਤੱਕ ਮੂਰਤੀ ਨਾਲ ਛੇੜਛਾੜ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਜਲੰਧਰ ਬਾਈਪਾਸ ਚੌਕ ਵਿੱਚ ਧਰਨਾ ਜਾਰੀ ਰਹੇਗਾ। ਉਨ੍ਹਾਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਜਲੰਧਰ ਬਾਈਪਾਸ ਚੌਕ ’ਤੇ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਅੱਜ ਦੇ ‘ਲੁਧਿਆਣਾ ਬੰਦ’ ਦੇ ਸੱਦੇ ਕਾਰਨ ਸ਼ਹਿਰ ਦੇ ਬਾਜ਼ਾਰਾਂ ਅਤੇ ਆਵਾਜਾਈ ’ਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here