ਚੰਡੀਗੜ੍ਹ: ਪਿਛਲੇ 24 ਘੰਟਿਆਂ ਦੌਰਾਨ ਦਰਜ ਕੀਤੇ ਗਏ ਵੱਧ ਤੋਂ ਵੱਧ ਤਾਪਮਾਨ ਕਾਰਨ ਪੰਜਾਬ ਵਿੱਚ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 23.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਸਭ ਤੋਂ ਘੱਟ ਤਾਪਮਾਨ ਬਠਿੰਡਾ ਵਿੱਚ 2.4 ਡਿਗਰੀ ਸੈਲਸੀਅਸ ਰਿਹਾ।
ਮੌਸਮ ਵਿਭਾਗ ਮੁਤਾਬਕ ਅੱਜ ਚੰਡੀਗੜ੍ਹ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਚਲਦਿਆਂ ਵਿਭਾਗ ਵੱਲੋਂ ਸੀਤ ਲਹਿਰ, ਗਰਜ-ਚਮਕ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿੱਚ ਤੇਜ਼ ਹਨੇਰੀ ਦੇ ਨਾਲ ਤੂਫ਼ਾਨ ਆ ਸਕਦਾ ਹੈ। ਇਨ੍ਹਾਂ ਦੌਰਾਨ ਹਵਾ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
ਮੌਸਮ ਵਿਭਾਗ ਨੇ ਦੱਸਿਆ ਹੈ ਕਿ 30 ਜਨਵਰੀ 2026 ਦੀ ਰਾਤ ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ, ਜਿਸ ਨਾਲ ਮੌਸਮ ਵਿੱਚ ਇੱਕ ਵਾਰ ਫਿਰ ਤਬਦੀਲੀ ਦੇ ਅਸਾਰ ਹਨ।
ਅਨੁਮਾਨ ਮੁਤਾਬਕ 27 ਜਨਵਰੀ ਨੂੰ ਸੂਬੇ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ 28 ਜਨਵਰੀ, 31 ਜਨਵਰੀ ਅਤੇ 1 ਫਰਵਰੀ ਨੂੰ ਵੀ ਕੁਝ ਥਾਵਾਂ ‘ਤੇ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਅਗਲੇ ਦੋ ਦਿਨਾਂ ਦੌਰਾਨ ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਉਮੀਦ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਮੌਸਮੀ ਚੇਤਾਵਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।







