Google search engine
HomePunjabਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਵਿਸ਼ਾਲ ਟਰੈਕਟਰ ਪਰੇਡ

ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਵਿਸ਼ਾਲ ਟਰੈਕਟਰ ਪਰੇਡ

ਕਪੂਰਥਲਾ: ਬੀਤੇ ਦਿਨ ਗਣਤੰਤਰ ਦਿਵਸ ਦੇ ਮੌਕੇ ਦਿੱਲੀ ਕਿਸਾਨ ਅੰਦੋਲਨ ਦੀ ਟਰੈਕਟਰ ਪਰੇਡ ਦੀ ਵਰ੍ਹੇਗੰਢ ਨੂੰ ਸਮਰਪਿਤ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਦੀ ਅਗਵਾਈ ਹੇਠ ਕਿਸਾਨ ਪੇਂਡੂ ਮਜ਼ਦੂਰ ਯੂਨੀਅਨ, ਖੇਤ ਮਜ਼ਦੂਰ ਯੂਨੀਅਨ, ਮੁਲਾਜ਼ਮ ਯੂਨੀਅਨ ਅਤੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ ‘ਤੇ ਵਿਸ਼ਾਲ ਟਰੈਕਟਰ ਪਰੇਡ ਰੋਸ ਮਾਰਚ ਕੀਤਾ ਗਿਆ।

ਟਰੈਕਟਰ ਪਰੇਡ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਵਿੱਚ ਭਾਰੀ ਇਕੱਠ ਹੋਇਆ, ਜਿੱਥੇ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਸਾਨੀ ਅਤੇ ਮਜ਼ਦੂਰੀ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। ਬੁਲਾਰਿਆਂ ਨੇ ਬਿਜਲੀ ਬਿੱਲ 2025 ਵਾਪਸ ਲੈਣ, ਬੀਜ ਬਿੱਲ ਰੱਦ ਕਰਨ, ਐਮਐਸਪੀ ‘ਤੇ ਖਰੀਦ ਦੀ ਕਾਨੂੰਨੀ ਗਰੰਟੀ ਦੇਣ, ਟੈਕਸ ਮੁਕਤ ਵਪਾਰ ਸਮਝੌਤਿਆਂ ਤੋਂ ਖੇਤੀ ਅਤੇ ਸਬੰਧਤ ਖੇਤਰਾਂ ਨੂੰ ਬਾਹਰ ਰੱਖਣ, ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਰੱਦ ਕਰਨ ਅਤੇ ਮਨਰੇਗਾ ਨੂੰ ਪੂਰੀ ਤਰ੍ਹਾਂ ਬਹਾਲ ਕਰਨ ਦੀ ਮੰਗ ਕੀਤੀ।

ਇਸ ਤੋਂ ਇਲਾਵਾ ਕਿਸਾਨਾਂ ਦੀ ਮਰਜ਼ੀ ਬਿਨਾਂ ਜ਼ਮੀਨ ਅਕਵਾਇਰ ਨਾ ਕਰਨ, ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮਾਫ਼ ਕਰਨ, ਕਿਸਾਨ–ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਰੋਕਣ, ਹੜ ਪ੍ਰਭਾਵਿਤ ਇਲਾਕਿਆਂ ਵਿੱਚ ਫ਼ਸਲਾਂ, ਘਰਾਂ, ਪਸ਼ੂਆਂ ਅਤੇ ਮਨੁੱਖੀ ਜਾਨਾਂ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ ਅਤੇ ਹੜਾਂ ਦੀ ਰੋਕਥਾਮ ਲਈ ਪੱਕੇ ਪ੍ਰਬੰਧ ਕਰਨ ਦੀ ਮੰਗ ਵੀ ਕੀਤੀ ਗਈ। ਬੁਲਾਰਿਆਂ ਨੇ ਸਮਾਰਟ ਮੀਟਰਾਂ ‘ਤੇ ਤਨਜ਼ ਕਰਦਿਆਂ ਕਿਹਾ ਕਿ ਲੋਕਾਂ ਨੂੰ ਸਮਾਰਟ ਮੀਟਰ ਨਹੀਂ, ਸਗੋਂ ਸਮਾਰਟ ਸਿੱਖਿਆ, ਸਮਾਰਟ ਸਿਹਤ ਸਹੂਲਤਾਂ ਅਤੇ ਰੁਜ਼ਗਾਰ ਦੀ ਲੋੜ ਹੈ।

77ਵੇਂ ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚਾ ਨੇ 26 ਜਨਵਰੀ ਨੂੰ ਲੋਕ ਅਧਿਕਾਰਾਂ ਦੀ ਰਾਖੀ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਲਿਖਣ, ਬੋਲਣ ਅਤੇ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਦਿੰਦਾ ਹੈ, ਪਰ ਕੇਂਦਰ ਸਰਕਾਰ ਤਾਨਾਸ਼ਾਹੀ ਤਰੀਕਿਆਂ ਨਾਲ ਸੰਵਿਧਾਨਕ ਹੱਕਾਂ ਨੂੰ ਕੁਚਲ ਰਹੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਬਿਨਾਂ ਮੁਕਦਮੇ ਦੇ ਕੈਦ ਕੀਤੇ ਗਏ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਰਾਜਨੀਤਕ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪ੍ਰੈਸ ਦੀ ਆਜ਼ਾਦੀ ‘ਤੇ ਦਬਾਅ ਅਤੇ ਪੱਤਰਕਾਰਾਂ ਖ਼ਿਲਾਫ਼ ਦਰਜ ਕੀਤੇ ਜਾ ਰਹੇ ਪਰਚਿਆਂ ਦੀ ਸਖ਼ਤ ਨਿੰਦਾ ਕੀਤੀ ਗਈ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਸਰਕਾਰਾਂ ਜਮਹੂਰੀ ਅਧਿਕਾਰਾਂ ਅਤੇ ਮੀਡੀਆ ਨੂੰ ਦਬਾ ਕੇ ਦੇਸ਼ ਨੂੰ ਤਾਨਾਸ਼ਾਹੀ ਢੰਗ ਨਾਲ ਚਲਾ ਰਹੀਆਂ ਹਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕੀਤਾ ਜਾ ਰਿਹਾ ਹੈ।

ਇਸ ਮੌਕੇ ਆਲ ਇੰਡੀਆ ਕਿਸਾਨ ਸਭਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਬੀਕੇਯੂ ਏਕਤਾ ਡਕੌਂਦਾ, ਕਿਰਤੀ ਕਿਸਾਨ ਯੂਨੀਅਨ ਪੰਜਾਬ, ਦੁਆਬਾ ਕਿਸਾਨ ਕਮੇਟੀ ਕਪੂਰਥਲਾ, ਪੇਂਡੂ ਮਜ਼ਦੂਰ ਯੂਨੀਅਨ, ਖੇਤ ਮਜ਼ਦੂਰ ਸਭਾ ਅਤੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਸੰਬੋਧਨ ਕੀਤਾ।

ਟਰੈਕਟਰ ਮਾਰਚ ਨਵੀਂ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚੋਂ ਲੰਘਦਾ ਹੋਇਆ ਗੁਰਦੁਆਰਾ ਬੇਰ ਸਾਹਿਬ ਨੇੜੇ ਪੁੱਡਾ ਕਲੋਨੀ ਤੋਂ ਵਾਪਸ ਤਲਵੰਡੀ ਚੌਧਰੀਆਂ ਪੁਲ ਨੇੜੇ ਸਮਾਪਤ ਹੋਇਆ। ਮਾਰਚ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਟਰੈਕਟਰਾਂ ਸਮੇਤ ਹਿੱਸਾ ਲਿਆ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਸ ਦੌਰਾਨ ਗੁਰੂ ਨਾਨਕ ਸੇਵਕ ਜਥਾ ਬਾਹਰਾ ਵੱਲੋਂ ਚਾਹ ਦਾ ਲੰਗਰ ਲਗਾਇਆ ਗਿਆ ਅਤੇ ਹਾਜ਼ਰ ਕਿਸਾਨਾਂ ਨੂੰ ਚਾਹ-ਬਿਸਕੁਟ ਵਰਤਾਏ ਗਏ। ਸਮਾਗਮ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਵੱਖ-ਵੱਖ ਕਿਸਾਨ–ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments