ਵੇਲੋਰ: ਤਾਮਿਲਨਾਡੂ ਦੇ ਵੇਲੋਰ ਜ਼ਿਲ੍ਹੇ ਵਿੱਚ ਨਿਰਮਾਣ ਅਧੀਨ ਚਰਚ ਦੀ ਛੱਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ। ਹਾਦਸੇ ਵਿੱਚ 3 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 11 ਹੋਰ ਜ਼ਖਮੀ ਹੋਏ ਹਨ। ਇਹ ਘਟਨਾ ਕਟਪਾਡੀ ਨੇੜੇ ਮੰਡੀ ਕ੍ਰਿਸ਼ਨਪੁਰਮ ਵਿੱਚ ਵਾਪਰੀ।
ਜਾਣਕਾਰੀ ਮੁਤਾਬਕ ਚਰਚ ਦੀ ਇਮਾਰਤ ਵਿੱਚ ਛੱਤ ’ਤੇ ਕੰਕਰੀਟ ਪਾਉਣ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਅਚਾਨਕ ਛੱਤ ਦਾ ਇੱਕ ਹਿੱਸਾ ਅਤੇ ਉਸ ਨੂੰ ਸਹਾਰਾ ਦੇਣ ਵਾਲਾ ਢਾਂਚਾ ਢਹਿ ਗਿਆ। ਕਰੀਬ 20 ਫੁੱਟ ਉੱਚਾ ਸਟੀਲ ਦਾ ਢਾਂਚਾ ਡਿੱਗਣ ਕਾਰਨ ਕਈ ਮਜ਼ਦੂਰ ਮਲਬੇ ਹੇਠਾਂ ਫਸ ਗਏ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਫਾਇਰ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਅਰਾਕੋਣਮ ਤੋਂ ਐਨ.ਡੀ.ਆਰ.ਐਫ. ਦੀ ਟੀਮ ਵੀ ਬਚਾਅ ਕਾਰਜ ਵਿੱਚ ਸ਼ਾਮਲ ਹੋਈ। ਟੀਮਾਂ ਨੇ ਮਲਬੇ ਹੇਠ ਫਸੇ ਮਜ਼ਦੂਰਾਂ ਨੂੰ ਬਾਹਰ ਕੱਢਿਆ।
ਜ਼ਖਮੀਆਂ ਨੂੰ ਐਂਬੂਲੈਂਸਾਂ ਰਾਹੀਂ ਵੇਲੋਰ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਅਤੇ ਕ੍ਰਿਸ਼ਚੀਅਨ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਕੁਝ ਜ਼ਖਮੀਆਂ ਨੂੰ ਆਂਧਰਾ ਪ੍ਰਦੇਸ਼ ਦੇ ਚਿਤੂਰ ਸਥਿਤ ਹਸਪਤਾਲਾਂ ਵਿੱਚ ਵੀ ਇਲਾਜ ਲਈ ਲਿਜਾਇਆ ਗਿਆ।
8 ਜ਼ਖਮੀਆਂ ਦੀ ਹਾਲਤ ਸਥਿਰ
ਵੇਲੋਰ ਜ਼ਿਲ੍ਹਾ ਕੁਲੈਕਟਰ ਪੀ.ਐੱਸ. ਲੀਲਾ ਐਲੇਕਸ ਨੇ ਮੌਕੇ ’ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਘੱਟੋ-ਘੱਟ 8 ਜ਼ਖਮੀ ਮਜ਼ਦੂਰਾਂ ਦੀ ਹਾਲਤ ਸਥਿਰ ਹੈ।
ਕੁਲੈਕਟਰ ਨੇ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਚਰਚ ਦੇ ਨਿਰਮਾਣ ਲਈ ਸਾਰੀਆਂ ਲੋੜੀਂਦੀਆਂ ਮਨਜ਼ੂਰੀਆਂ ਲਈਆਂ ਗਈਆਂ ਸਨ ਜਾਂ ਨਹੀਂ ਅਤੇ ਨਿਰਮਾਣ ਦੌਰਾਨ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕੀਤੀ ਗਈ ਸੀ ਜਾਂ ਨਹੀਂ।
ਫਿਲਹਾਲ ਰਾਹਤ ਅਤੇ ਬਚਾਅ ਕਾਰਜ ਪੂਰਾ ਕਰ ਲਿਆ ਗਿਆ ਹੈ ਅਤੇ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।






