ਅੰਮ੍ਰਿਤਸਰ: ਜੰਡਿਆਲਾ ਗੁਰੂ ਦੇ ਪਿੰਡ ਨਵਾਂ ਪਿੰਡ ਵਿੱਚ ਦੇਰ ਰਾਤ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅਣਪਛਾਤੇ ਹਮਲਾਵਰਾਂ ਵੱਲੋਂ ਦੋ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਪੁਲਿਸ ਚੌਕੀ ਦੇ ਸਾਹਮਣੇ ਵਾਪਰਨ ਦੀ ਗੱਲ ਦੱਸੀ ਜਾ ਰਹੀ ਹੈ।
ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ। ਫਾਇਰਿੰਗ ਤੋਂ ਬਾਅਦ ਇੱਕ ਨੌਜਵਾਨ ਪੁਲਿਸ ਚੌਕੀ ਦੇ ਸਾਹਮਣੇ ਡਿੱਗ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੂਜੇ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪੁਲਿਸ ਵੱਲੋਂ ਜਾਂਚ ਸ਼ੁਰੂ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਸਥਾਨ ਦੀ ਜਾਂਚ ਕਰਨ ਦੇ ਨਾਲ-ਨਾਲ ਆਸ-ਪਾਸ ਦੇ ਲੋਕਾਂ ਅਤੇ ਚਸ਼ਮਦੀਦਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਫਿਲਹਾਲ ਫਾਇਰਿੰਗ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਸਬੰਧੀ ਜਾਂਚ ਜਾਰੀ ਹੈ। ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਹੋਰ ਤੱਥਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।






