ਚੰਡੀਗੜ੍ਹ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਵੇਗੀ। ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਣੀ ਹੈ। ਸਰਕਾਰ ਵੱਲੋਂ ਕਰਮਚਾਰੀ ਯੂਨੀਅਨਾਂ, ਪੈਨਸ਼ਨਰਾਂ ਅਤੇ ਸਾਂਝੇ ਮੰਚਾਂ ਨਾਲ ਸਬੰਧਤ 12 ਨੁਮਾਇੰਦਿਆਂ ਨੂੰ ਸੱਦਾ ਦਿੱਤਾ ਗਿਆ ਹੈ।
ਮੀਟਿੰਗ ਵਿੱਚ ਮੁੱਖ ਮੰਤਰੀ ਤੋਂ ਇਲਾਵਾ ਕੈਬਨਿਟ ਸਬ-ਕਮੇਟੀ ਨਾਲ ਸਬੰਧਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ ਵੀ ਸ਼ਾਮਲ ਹੋਣਗੇ। ਮੁਲਾਜ਼ਮ ਜਥੇਬੰਦੀਆਂ ਵੱਲੋਂ ਬਕਾਇਆ ਮਹਿੰਗਾਈ ਭੱਤਾ (DA), ਪੁਰਾਣੀ ਪੈਨਸ਼ਨ ਸਕੀਮ (OPS), ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਅਤੇ ਹੋਰ ਸੇਵਾ ਸਬੰਧੀ ਮੰਗਾਂ ਉਠਾਈਆਂ ਜਾ ਰਹੀਆਂ ਹਨ।
ਇਹ ਮੀਟਿੰਗ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਚੱਲ ਰਹੇ ਤਣਾਅ ਦੇ ਮਾਹੌਲ ਦੌਰਾਨ ਹੋ ਰਹੀ ਹੈ। 27 ਅਗਸਤ ਨੂੰ ਬਕਾਇਆ DA ਸਮੇਤ ਹੋਰ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਸੂਬਾ ਪੱਧਰੀ ਹੜਤਾਲ ਕੀਤੀ ਗਈ ਸੀ। ਇਸ ਤੋਂ ਬਾਅਦ ਹੁਣ ਸਰਕਾਰ ਅਤੇ ਮੁਲਾਜ਼ਮ ਆਗੂਆਂ ਵਿਚਾਲੇ ਮੁੜ ਸਿੱਧੀ ਗੱਲਬਾਤ ਹੋਣ ਜਾ ਰਹੀ ਹੈ।






