ਮਾਲੇਰਕੋਟਲਾ, 8 ਅਕਤੂਬਰ:
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ), ਨਵੀਂ ਦਿੱਲੀ ਦੀਆਂ ਹਦਾਇਤਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ 12 ਦਸੰਬਰ ਨੂੰ ਜ਼ਿਲ੍ਹਾ ਕੋਰਟ ਕੰਪਲੈਕਸ ਮਾਲੇਰਕੋਟਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਸ਼ੀਸ਼ ਠਠਈ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ. ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਮਾਨਯੋਗ ਅਦਾਲਤਾਂ ਵਿੱਚ ਲੰਬਿਤ ਕਰੀਮੀਨਲ ਕੰਪਾਊਂਡੇਬਲ ਕੇਸ, ਬੈਂਕ ਰਿਕਵਰੀ ਕੇਸ, ਐੱਮ.ਏ.ਸੀ.ਟੀ. ਕੇਸ, ਵਿਆਹ ਸਬੰਧੀ ਮਾਮਲੇ, ਕਿਰਤ ਝਗੜੇ, ਜ਼ਮੀਨ ਸਬੰਧੀ ਮਾਮਲੇ, ਪੇਅ ਅਲਾਊਂਸ ਅਤੇ ਰੈਵਨਿਊ ਕੇਸਾਂ ਸਮੇਤ ਵੱਖ- ਵੱਖ ਕਿਸਮ ਦੇ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪ੍ਰੀ-ਲਿਟੀਗੇਸ਼ਨ ਮਾਮਲਿਆਂ, ਜਿਨ੍ਹਾਂ ਵਿੱਚ ਬੈਂਕ ਰਿਕਵਰੀ ਕੇਸ, ਕਿਰਤ ਝਗੜੇ ਅਤੇ ਹੋਰ ਮਾਮਲੇ ਸ਼ਾਮਲ ਹਨ, ਨੂੰ ਵੀ ਲੋਕ ਅਦਾਲਤ ਰਾਹੀਂ ਨਿਪਟਾਰੇ ਲਈ ਲਿਆਂਦਾ ਜਾ ਸਕਦਾ ਹੈ।
ਸ੍ਰੀ ਅਸ਼ੀਸ਼ ਠਠਈ ਨੇ ਦੱਸਿਆ ਕਿ ਜਿਹੜੇ ਵਿਅਕਤੀ ਆਪਣੇ ਲੰਬਿਤ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਵਾਉਣਾ ਚਾਹੁੰਦੇ ਹਨ, ਉਹ ਸਬੰਧਤ ਮਾਨਯੋਗ ਅਦਾਲਤ, ਜਿੱਥੇ ਉਨ੍ਹਾਂ ਦਾ ਕੇਸ ਚੱਲ ਰਿਹਾ ਹੈ, ਵਿੱਚ ਆਪਣੀ ਅਰਜ਼ੀ ਦੇ ਸਕਦੇ ਹਨ। ਇਸੇ ਤਰ੍ਹਾਂ ਨਵੇਂ ਮਾਮਲਿਆਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਵਾਉਣ ਲਈ ਸਬੰਧਤ ਕਾਨੂੰਨੀ ਸੇਵਾਵਾਂ ਅਥਾਰਟੀ/ਕਮੇਟੀ ਦੇ ਦਫ਼ਤਰ ਵਿੱਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਅਤੇ ਆਪਸੀ ਸਹਿਮਤੀ ਨਾਲ ਨਿਪਟਾਏ ਜਾ ਸਕਣ ਵਾਲੇ ਮਾਮਲਿਆਂ ਨੂੰ ਕੌਮੀ ਲੋਕ ਅਦਾਲਤ ਵਿੱਚ ਲਿਆ ਕੇ ਇਸ ਸੁਵਿਧਾ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਹੋਣ ਨਾਲ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਲੋਕਾਂ ਨੂੰ ਲੰਬੀ ਕਾਨੂੰਨੀ ਪ੍ਰਕਿਰਿਆ ਤੋਂ ਰਾਹਤ ਮਿਲਦੀ ਹੈ। ਲੋਕ ਅਦਾਲਤ ਦਾ ਐਵਾਰਡ ਅੰਤਿਮ ਹੁੰਦਾ ਹੈ ਅਤੇ ਇਸ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੇ ਬਰਾਬਰ ਮਾਨਤਾ ਪ੍ਰਾਪਤ ਹੈ।
ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਅਤੇ ਲੋਕ ਅਦਾਲਤ ਸਬੰਧੀ ਵਧੇਰੇ ਜਾਣਕਾਰੀ ਲਈ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਟੋਲ-ਫ੍ਰੀ ਹੈਲਪਲਾਈਨ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਲੇਰਕੋਟਲਾ ਦੇ ਫਰੰਟ ਦਫ਼ਤਰ ਨਾਲ ਸਿੱਧਾ ਸੰਪਰਕ ਵੀ ਕੀਤਾ ਜਾ ਸਕਦਾ ਹੈ।



