Saturday, September 19, 2026
Home Punjab Ludhiana ਪੰਜਾਬ ਸਰਕਾਰ ਨੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ...

ਪੰਜਾਬ ਸਰਕਾਰ ਨੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਨਿਵੇਕਲਾ ਉਪਰਾਲਾ: ਕੈਬਨਿਟ ਮੰਤਰੀ ਮੁੰਡੀਆਂ

0
3

ਸਾਹਨੇਵਾਲ, (ਲੁਧਿਆਣਾ), 18 ਸਤੰਬਰ:

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਸ਼ਾਮ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ), ਸਾਹਨੇਵਾਲ ਦੇ ਗਰਾਊਂਡ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਇਸ ਦੌਰਾਨ ਡਰੋਨਾਂ ਰਾਹੀਂ ਅਸਮਾਨ ਵਿੱਚ ਗੁਰੂ ਜੀ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ, ਜਿਸ ਨੂੰ ਭਾਰੀ ਗਿਣਤੀ ਵਿੱਚ ਮੌਜੂਦ ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ।

ਇਸ ਨਿਵੇਕਲੇ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਅਤੇ ਅਧਿਆਤਮਿਕਤਾ ਦਾ ਸੁੰਦਰ ਸੁਮੇਲ ਪੇਸ਼ ਕੀਤਾ ਗਿਆ। ਡਰੋਨਾਂ ਦੀ ਮਦਦ ਨਾਲ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦੇ ਸਦੀਵੀ ਸੰਦੇਸ਼ ਨੂੰ ਦਰਸਾਇਆ ਗਿਆ।

ਸੰਗਤਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਹ ਸ਼ਾਨਦਾਰ ਡਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਜੀ ਨੂੰ ਢੁਕਵੀਂ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਡਰੋਨ ਸ਼ੋਅ ਨਹੀਂ, ਸਗੋਂ ਗੁਰੂ ਜੀ ਦੇ ਬਰਾਬਰੀ ਅਤੇ ਮਨੁੱਖੀ ਸਨਮਾਨ ਦੇ ਸੰਦੇਸ਼ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਹੈ, ਜੋ ਸਾਰਿਆਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰੂ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਤਹਿਤ ਸੂਬੇ ਭਰ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਮਹਾਨ ਫਲਸਫ਼ੇ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾ ਸਕੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਸ਼ੋਅ 13,000 ਪਿੰਡਾਂ ਵਿੱਚ ਦਿਖਾਏ ਜਾ ਰਹੇ ਹਨ। ਇਸ ਤੋਂ ਇਲਾਵਾ ਵਿੱਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਲਈ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ।

ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਇਤਿਹਾਸਕ ਪੁਰਬ ਨੂੰ ਸ਼ਰਧਾ ਅਤੇ ਏਕਤਾ ਨਾਲ ਮਨਾਉਂਦਿਆਂ ਗੁਰੂ ਜੀ ਦੇ ਸਰਬ-ਸਾਂਝੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ।

ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ, ਸਾਹਨੇਵਾਲ ਦੇ ਹਜ਼ੂਰੀ ਰਾਗੀ ਭਾਈ ਦਿਲਬਰ ਸਿੰਘ ਦੇ ਜਿੱਥੇ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਇਲਾਵਾ ਬਾਬਾ ਬੇਅੰਤ ਸਿੰਘ (ਗੁਰਦੁਆਰਾ ਟਿੱਬੀ ਸਾਹਿਬ) ਬਘੌਰ ਵਾਲਿਆ ਨੇ ਅਧਿਆਤਮਿਕ ਬਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ।

ਜ਼ਿਕਰਯੋਗ ਹੈ ਕਿ ਸਾਹਨੇਵਾਲ ਤੋਂ ਬਾਅਦ 19 ਸਤੰਬਰ ਨੂੰ ਪੀ.ਏ.ਯੂ. ਲੁਧਿਆਣਾ ਦੇ ਐਥਲੈਟਿਕ/ਫੁੱਟਬਾਲ ਗਰਾਊਂਡ, 20 ਸਤੰਬਰ ਨੂੰ ਦਾਖਾ ਸਕੂਲ ਗਰਾਊਂਡ, 21 ਸਤੰਬਰ ਨੂੰ ਅਨਾਜ ਮੰਡੀ ਰਾਏਕੋਟ ਅਤੇ 22 ਸਤੰਬਰ ਨੂੰ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ ਡਰੋਨ ਸ਼ੋਅ ਕਰਵਾਏ ਜਾਣਗੇ।

ਇਸ ਮੌਕੇ ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਲੁਧਿਆਣਾ ਸ੍ਰੀਮਤੀ ਜਸਲੀਨ ਕੌਰ ਭੁੱਲਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।

LEAVE A REPLY

Please enter your comment!
Please enter your name here