ਸ੍ਰੀ ਫ਼ਤਹਿਗੜ੍ਹ ਸਾਹਿਬ: ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ, ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸਰਦਾਰ ਅਜਾਇਬ ਸਿੰਘ ਜਖਵਾਲੀ ਨੇ ਆਪਣੇ ਗ੍ਰਹਿ ਪਿੰਡ ਜਖਵਾਲੀ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ 30 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੇ ਭਾਜਪਾ ਦੇ ਪ੍ਰੋਗਰਾਮ ਨੂੰ ਲੈ ਕੇ ਪਾਰਟੀ ਵਰਕਰਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਅਜਾਇਬ ਸਿੰਘ ਜਖਵਾਲੀ ਨੇ ਕਿਹਾ ਕਿ ਸਰਦਾਰ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਜਲੰਧਰ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪਾਰਟੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਤਾਜ਼ਾ ਰਿਪੋਰਟਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ 30 ਸਤੰਬਰ ਨੂੰ ਜਲੰਧਰ ਵਿੱਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਦੀ ਯੋਜਨਾ ਹੈ। ਇਸੇ ਦਿਨ ਭਾਜਪਾ ਵੱਲੋਂ ਪੰਜਾਬ ਵਿੱਚ ਕੱਢੀਆਂ ਜਾ ਰਹੀਆਂ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਦੇ ਜਲੰਧਰ ਵਿੱਚ ਸਮਾਪਤ ਹੋਣ ਦੀ ਵੀ ਯੋਜਨਾ ਹੈ। ਰੈਲੀ ਲਈ ਪਾਰਟੀ ਵੱਲੋਂ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ।
ਜਖਵਾਲੀ ਨੇ ਕਿਹਾ ਕਿ ਪਾਰਟੀ ਦੇ ਸੰਗਠਨਾਤਮਕ ਪ੍ਰੋਗਰਾਮਾਂ ਨੂੰ ਲੈ ਕੇ ਵਰਕਰਾਂ ਦੀ ਸਰਗਰਮੀ ਜਾਰੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਜਲੰਧਰ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਮੌਜੂਦ ਰਹੇ।






