ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਮੈਡੀਕਲ ਕਾਲਜ ਅਤੇ ਟੀਚਿੰਗ ਹਸਪਤਾਲ ਦੇ ਸੰਚਾਲਨ ਤੇ ਪ੍ਰਬੰਧਨ ਸਬੰਧੀ ਹੋਈ ਅਹਿਮ ਮੀਟਿੰਗ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਲਈ ਆਸਾਨ ਅਤੇ ਕਿਫ਼ਾਇਤੀ ਬਣਾਉਣਾ ਸੂਬਾ ਸਰਕਾਰ ਦੀ ਪਹਿਲੀ ਤਰਜੀਹ ਹੈ। ਇਸੇ ਉਦੇਸ਼ ਤਹਿਤ ਗੁਰੂਗ੍ਰਾਮ ਦੇ ਸੈਕਟਰ-102 ਸਥਿਤ ਸ਼੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ 883 ਬੈੱਡਾਂ ਵਾਲੇ ਟੀਚਿੰਗ ਹਸਪਤਾਲ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀਆਂ ਅਤੇ ਪੰਜ ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੇ ਯੋਗ ਮਰੀਜ਼ਾਂ ਨੂੰ ਕਿਫ਼ਾਇਤੀ ਦਰਾਂ ‘ਤੇ ਇਲਾਜ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਇਹਨਾਂ ਉਪਬੰਧਾਂ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਇਲਾਜ ਵਿੱਚ ਸਬਸਿਡੀ ਦਾ ਲਾਭ ਮਿਲੇਗਾ ਅਤੇ ਉਹ ਕਿਫ਼ਾਇਤੀ ਦਰਾਂ ‘ਤੇ ਬਿਹਤਰ ਸਿਹਤ ਸਹੂਲਤਾਂ ਪ੍ਰਾਪਤ ਕਰ ਸਕਣਗੇ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਆਯੋਜਿਤ ਮੀਟਿੰਗ ਵਿੱਚ ਮੈਡੀਕਲ ਕਾਲਜ ਅਤੇ ਟੀਚਿੰਗ ਹਸਪਤਾਲ ਦੇ ਸੰਚਾਲਨ ਅਤੇ ਦੇਖਭਾਲ (Operation and Maintenance) ਨਾਲ ਜੁੜੇ ਵੱਖ-ਵੱਖ ਪਹਿਲੂਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।ਇਸ ਮੌਕੇ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ ਅਤੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਆਯੁਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀਆਂ ਅਤੇ ਪੰਜ ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੇ ਯੋਗ ਮਰੀਜ਼ਾਂ ਨੂੰ ਇਲਾਜ ਵਿੱਚ ਸਬਸਿਡੀ ਦੇਣ ਅਤੇ ਹਸਪਤਾਲ ਵਿੱਚ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਦਾ ਮੁੱਖ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ‘ਤੇ ਇਲਾਜ ਦਾ ਵਿੱਤੀ ਬੋਝ ਘਟਾਉਣਾ ਅਤੇ ਉਨ੍ਹਾਂ ਨੂੰ ਕਿਫ਼ਾਇਤੀ ਦਰਾਂ ‘ਤੇ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ।



